ਨੈਸ਼ਨਲ : ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਸਰਕਾਘਾਟ ‘ਚ ਅੱਜ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਦੀ ਇੱਕ ਬੱਸ ਸਰਕਾਘਾਟ ‘ਚ ਮਸਰੇਨ ਨੇੜੇ ਇੱਕ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਬੱਸ ‘ਚ ਸਵਾਰ 20 ਤੋਂ 25 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ, ਜਿਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਹਾਦਸੇ ‘ਚ ਇੱਕ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਤੇ ਦੋ ਹੋਰ ਔਰਤਾਂ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ। ਡੀਐਸਪੀ ਨੇ ਮੌਤ ਦੀ ਪੁਸ਼ਟੀ ਕੀਤੀ ਹੈ।
ਇਹ ਹਾਦਸਾ ਸਵੇਰੇ 9 ਵਜੇ ਦੇ ਕਰੀਬ ਮਸਰੇਨ ਦੇ ਤ੍ਰਾਂਗਲਾ ਪਿੰਡ ਨੇੜੇ ਇੱਕ ਮੋੜ ‘ਤੇ ਹੋਇਆ। ਦੱਸਿਆ ਜਾ ਰਿਹਾ ਹੈ ਕਿ ਬੱਸ ਮੋੜ ਤੋਂ ਕੰਟਰੋਲ ਤੋਂ ਬਾਹਰ ਹੋ ਗਈ ਤੇ ਖੱਡ ‘ਚ ਡਿੱਗ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਸਰਕਾਘਾਟ ਦੇ ਡੀਐਸਪੀ ਵੀ ਮੌਕੇ ‘ਤੇ ਰਵਾਨਾ ਹੋ ਗਏ ਹਨ ਅਤੇ ਹਾਦਸੇ ਦੀ ਪੁਸ਼ਟੀ ਕੀਤੀ ਹੈ।
ਤ੍ਰਾਂਗਲਾ ਪਿੰਡ ਦੀ ਇੱਕ ਔਰਤ ਮਧੂ ਨੇ ਦੱਸਿਆ ਕਿ ਇਹ ਹਾਦਸਾ ਉਸਦੇ ਘਰ ਦੇ ਨੇੜੇ ਹੋਇਆ। ਫਿਲਹਾਲ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਜਾ ਰਿਹਾ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਸ਼ੁਰੂਆਤੀ ਜਾਣਕਾਰੀ ਅਨੁਸਾਰ ਹਾਦਸਾ ਮੋੜ ‘ਤੇ ਕੰਟਰੋਲ ਗੁਆਉਣ ਕਾਰਨ ਹੋਇਆ। ਪੁਲਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ ਅਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।