ਚੰਡੀਗੜ੍ਹ ਦੇ ਪਾਰਟੀ ਹੈੱਡਕੁਆਟਰ ’ਚ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰਾਂ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਵਿਰੋਧੀ ਧਿਰਾਂ ਤੇ ਦਲਿਤ ਵਿਦਿਆਰਥੀਆਂ ਨਾਲ ਧੋਖਾਧੜੀ ਦੇ ਇਲਜ਼ਾਮ ਲਗਾਏ। ਉਨ੍ਹਾਂ ਕਿਹਾ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਅਤੇ ਕੇਂਦਰ ਦੀ ਭਾਜਪਾ ਸਰਕਾਰ ਨੇ ਜਾਣਬੁੱਝ ਕੇ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਬੰਦ ਕਰ ਦਿੱਤੇ ਤਾਂ ਜੋ ਉਹ ਪੜ੍ਹਾਈ ਨਾ ਕਰ ਸਕਣ। ਇਸ ਦੇ ਨਾਲ ਹੀ ਚੀਮਾ ਨੇ ਅਕਾਲੀ ਦਲ ‘ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ 2014 ਤੋਂ 2020 ਤੱਕ ਹਰਸਿਮਰਤ ਕੌਰ ਬਾਦਲ ਕੇਂਦਰ ਸਰਕਾਰ ‘ਚ ਕੈਬਨਿਟ ਮੰਤਰੀ ਰਹੇ, ਪਰੰਤੂ ਉਨ੍ਹਾਂ ਕਦੇ ਵੀ ਕੇਂਦਰ ਸਰਕਾਰ ਕੋਲ ਇਹ ਮੁੱਦਾ ਨਹੀਂ ਚੁੱਕਿਆ
ਸੰਬੋਧਨ ਕਰਦਿਆਂ ਚੀਮਾ ਨੇ ਦਲਿਤ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਦੇ ਅੰਕੜਿਆਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਵਜ਼ੀਫ਼ਾ ਬੰਦ ਹੋਣ ਕਾਰਨ ਰਜਿਸਟ੍ਰੇਸ਼ਨ ਦੀ ਗਿਣਤੀ 2020-21 ਵਿੱਚ 2.5 ਲੱਖ ਤੋਂ ਘਟ ਕੇ 1,76,000 ਰਹਿ ਗਈ। ਪਰ ਜਦੋਂ ਆਮ ਆਦਮੀ ਪਾਰਟੀ ਨੇ ਦਲਿਤ ਵਿਦਿਆਰਥੀਆਂ ਲਈ ਪੈਸਾ ਜਾਰੀ ਕੀਤਾ ਤਾਂ 2022-23 ‘ਚ ਇਹ ਗਿਣਤੀ ਵਧ ਕੇ 2 ਲੱਖ 26 ਹਜ਼ਾਰ ਹੋ ਗਈ। ਇਸ ਤੋਂ ਬਾਅਦ 2023 -24 ‘ਚ ਇਹ ਗਿਣਤੀ ਹੋਰ ਵਧ ਕੇ ਕਰੀਬ 2 ਲੱਖ 40 ਤੇ ਪਹੁੰਚ ਗਈ ਹੈ।
ਹਰਪਾਲ ਚੀਮਾ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਵਿੱਚ ਕੇਂਦਰ ਸਰਕਾਰ 60 ਫ਼ੀਸਦੀ ਅਤੇ ਰਾਜ ਸਰਕਾਰ 40 ਫ਼ੀਸਦੀ ਹਿੱਸਾ ਦਿੰਦੀ ਹੈ, ਪਰ 2017 ਤੋਂ ਬਾਅਦ ਨਾ ਤਾਂ ਕੇਂਦਰ ਨੇ ਆਪਣਾ 60 ਫ਼ੀਸਦੀ ਹਿੱਸਾ ਦਿੱਤਾ ਅਤੇ ਨਾ ਹੀ ਸੂਬੇ ਦੀ ਪਿਛਲੀ ਕਾਂਗਰਸ ਸਰਕਾਰ ਨੇ ਆਪਣਾ 40 ਫ਼ੀਸਦੀ ਹਿੱਸਾ ਜਾਰੀ ਕੀਤਾ। ਜਿਸ ਕਾਰਨ ਲੱਖਾਂ ਦਲਿਤ ਵਿਦਿਆਰਥੀਆਂ ਦੀਆਂ ਡਿਗਰੀਆਂ ਰੁੱਕ ਗਈਆਂ ਅਤੇ ਹਜ਼ਾਰਾਂ ਦੀ ਪੜ੍ਹਾਈ ਅੱਧ ਵਿਚਕਾਰ ਹੀ ਰੁਕ ਗਈ।
ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ 2017 ਤੋਂ 2023 ਤੱਕ ਦੇ ਵਜ਼ੀਫ਼ੇ ਦੇ ਪੈਸੇ ਅਜੇ ਵੀ ਰੋਕੇ ਹੋਏ ਹਨ। ਅਸੀਂ ਦੂਜੀਆਂ ਪਾਰਟੀਆਂ ਵਾਂਗ ਦਲਿਤ ਵੋਟਾਂ ਦੀ ਰਾਜਨੀਤੀ ਨਹੀਂ ਕਰਦੇ। ਅਸੀਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੇ ਹਾਂ, ਤਾਂ ਜੋ ਹਰ ਬੱਚੇ ਨੂੰ ਚੰਗੀ ਸਿੱਖਿਆ ਅਤੇ ਬਿਨਾਂ ਕਿਸੇ ਭੇਦਭਾਵ ਦੇ ਸਾਰੀਆਂ ਸਹੂਲਤਾਂ ਮਿਲ ਸਕਣ।