ਗੁਰਦਾਸਪੁਰ – ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ ਵਿਖੇ ਅੱਜ 79ਵਾਂ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸੂਬੇ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਇਸ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਹੋਰਨਾਂ ਸ਼ਖ਼ਸੀਅਤਾਂ ਸਮੇਤ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਦੇ ਬੁੱਤ ਅਤੇ ਸਟੇਡੀਅਮ ਵਿੱਚ ਬਣੀ ਸ਼ਹੀਦੀ ਗੈਲਰੀ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਗੁਰਦਾਸਪੁਰ ਵਾਸੀਆਂ ਨੂੰ ਅਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲ਼ੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ‘ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜ਼ਿਲ੍ਹਾ ਗੁਰਦਾਸਪੁਰ ਦੇ ਸਰਬਪੱਖੀ ਵਿਕਾਸ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਨੇ ਪੰਜਾਬ ਤੇ ਦੇਸ਼ ਨੂੰ ਵੱਡੇ ਨਾਮੀ ਖਿਡਾਰੀ ਤੇ ਲੇਖਕ ਅਤੇ ਸੈਨਿਕ ਦਿੱਤੇ ਹਨ।