ਜਲੰਧਰ -ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਚੁੱਕੇ ਜਾ ਰਹੇ ਕਦਮਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਕਿਹਾ ਕਿ ਸਰਕਾਰੀ ਕੰਮਕਾਜ ’ਚ ਹੁਣ ਹੋਰ ਤੇਜ਼ੀ ਲਿਆਂਦੀ ਜਾਣੀ ਚਾਹੀਦੀ ਹੈ ਅਤੇ ਆਮ ਆਦਮੀ ਪਾਰਟੀ ਨੇ ਜੋ ਟੀਚੇ ਤੈਅ ਕੀਤੇ ਹਨ, ਉਨ੍ਹਾਂ ਨੂੰ ਹਾਸਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ‘ਆਪ’ ਸਰਕਾਰ ਦੀਆਂ ਉਪਲਬਧੀਆਂ ਨੂੰ ਆਮ ਜਨਤਾ ਤੱਕ ਪਹੁੰਚਾਇਆ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਇਸ ਸਮੇਂ ਲੋੜ ਇਸ ਗੱਲ ਦੀ ਹੈ ਕਿ ਸਰਕਾਰ ਨੇ ਜੋ ਕ੍ਰਾਂਤੀਕਾਰੀ ਫ਼ੈਸਲੇ ਪਿਛਲੇ ਕੁਝ ਸਮੇਂ ਦੌਰਾਨ ਲਏ ਹਨ, ਜਿਨ੍ਹਾਂ ’ਚ ਲੋਕਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਦੇਣਾ, ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਚਲਾਉਣਾ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣਾ ਆਦਿ ਸ਼ਾਮਲ ਹਨ, ਨੂੰ ਆਮ ਜਨਤਾ ਤੱਕ ਪਹੁੰਚਾਇਆ ਜਾਵੇ, ਕਿਉਂਕਿ ਜੋ ਕੰਮ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਕੁਝ ਸਮੇਂ ਦੌਰਾਨ ਕੀਤੇ ਹਨ, ਉਹ ਕੋਈ ਵੀ ਹੋਰ ਸਰਕਾਰ ਨਹੀਂ ਕਰ ਸਕੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਮਜ਼ਬੂਤੀ ਦੇ ਨਾਲ ਕੰਮ ਕਰਨ ਦੀ ਲੋੜ ਹੈ ਅਤੇ ਨਾਲ ਹੀ ਸਰਕਾਰ ਵੱਲੋਂ ਆਉਣ ਵਲੇ ਸਮੇਂ ’ਚ ਲਏ ਜਾਣ ਵਾਲੇ ਹੋਰ ਫ਼ੈਸਲਿਆਂ ’ਤੇ ਵੀ ਉਨ੍ਹਾਂ ਨੇ ਚਰਚਾ ਕੀਤੀ।