ਬੁੱਧਵਾਰ ਨੂੰ ਤਿਹਾੜ ਜੇਲ੍ਹ ਵਿੱਚੋਂ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਸੀਬੀਆਈ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਨਾਲ ਸੰਬੰਧਿਤ ਸ਼ਰਾਬ ਨੀਤੀ ਮਾਮਲੇ ਨਾਲ ਸੰਬੰਧਿਤ ਭ੍ਰਿਸ਼ਟਾਚਾਰ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ੁਰੂ ਤੋਂ ਹੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਦੀ ਕੇਂਦਰ ਸਰਕਾਰ ’ਤੇ ਸਰਕਾਰੀ ਏਜੰਸੀਆਂ ਦੀ ਵਰਤੋਂ ਦੇ ਇਲਜ਼ਾਮ ਲਗਾਏ ਜਾ ਰਹੇ ਹਨ। ਇਸੇ ਤਰ੍ਹਾਂ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਵੱਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸੰਸਦ ਦਾ ਬਾਈਕਾਟ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ‘ਆਪ’ ਆਗੂਆਂ ਨੇ ਇੱਕ ਵਾਰ ਸੱਤਾ ਧਿਰ ਭਾਜਪਾ ’ਤੇ ਦੋਸ਼ ਲਗਾਇਆ ਕਿ ਇਹ ਸਿੱਧੇ ਤੌਰ ’ਤੇ ਜਾਂਚ ਏਜੰਸੀਆਂ ਦੀ ਦੁਰਵਰਤੋਂ ਹੈ।
ਇਸ ਮੌਕੇ ‘ਆਪ’ ਆਗੂਆਂ ਨੇ ਭਾਜਪਾ ਦੀ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਮੋਦੀ ਸਰਕਾਰ ਲੋਕਤੰਤਰ ਅਤੇ ਸੰਵਿਧਾਨ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰ ਰਹੀ ਹੈ, ਪਰ ਅਸਲ ਵਿੱਚ ਦੂਜੇ ਪਾਸੇ ਇਸ ਦੇ ਉਲਟ ਪੂਰੇ ਦੇਸ਼ ਵਿੱਚ ਸੰਵਿਧਾਨ ਅਤੇ ਲੋਕਤੰਤਰ ਨੂੰ ਕੁਚਲਿਆ ਜਾ ਰਿਹਾ ਹੈ। ਦਿੱਲੀ ਤੋਂ ਲੈ ਕੇ ਪੱਛਮੀ ਬੰਗਾਲ, ਝਾਰਖੰਡ ਅਤੇ ਮਹਾਰਾਸ਼ਟਰ ਤੱਕ ਜਾਂਚ ਏਜੰਸੀਆਂ ਦੀ ਖੁੱਲ੍ਹੇਆਮ ਦੁਰਵਰਤੋਂ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਦੇ ਇਸ਼ਾਰੇ ’ਤੇ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਉਸ ਸਮੇਂ ਜਾਣ ਬੁੱਝ ਕੇ ਗ੍ਰਿਫ਼ਤਾਰ ਕੀਤਾ ਹੈ, ਜਦੋਂ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਦੀ ਪੂਰੀ ਸੰਭਾਵਨਾ ਸੀ, ਕਿਉਂਕਿ ਉਨ੍ਹਾਂ ਨੂੰ ਹੇਠਲੀ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਸੀ। ਜੋ ਕਿ ਤਾਨਾਸ਼ਾਹੀ ਦੀ ਇੱਕ ਵੱਡੀ ਮਿਸਾਲ ਹੈ। ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਅਤੇ ਅਰਵਿੰਦ ਕੇਜਰੀਵਾਲ ਨੂੰ ਜਲਦੀ ਤੋਂ ਜਲਦੀ ਰਿਹਾਅ ਕਰਨਾ ਚਾਹੀਦਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਅਸੀਂ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਪਣੀ ਪਾਰਟੀ ਦੇ ਪੱਧਰ ‘ਤੇ ਧਰਨਾ ਸ਼ੁਰੂ ਕਰ ਦਿੱਤਾ ਹੈ। ਇੰਡੀਆ ਗੱਠਜੋੜ ਦੇ ਆਗੂਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਸਹਿਯੋਗ ਨਾਲ ਇਸ ਆਵਾਜ਼ ਨੂੰ ਹੋਰ ਵੀ ਮਜ਼ਬੂਤ ਕੀਤਾ ਜਾਵੇਗਾ।