ਦਿੱਲੀ ਦੇ ਸਕੂਲਾਂ, ਏਅਰਪੋਰਟਾਂ, ਹਸਪਤਾਲਾਂ ਨੂੰ ਬੰਬ ਦੀ ਧਮਕੀ ਤੋਂ ਬਾਅਦ ਹੁਣ ਚੰਡੀਗੜ੍ਹ ਦੀ ਮੈਂਟਲ ਹੈਲਥ ਇੰਸਟੀਚਿਊਟ ਨੂੰ ਅੱਜ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਮਰੀਜ਼ਾਂ ਅਤੇ ਕਰਮਚਾਰੀਆਂ ਨੂੰ ਤਰੁੰਤ ਸੁਰੱਖਿਅਤ ਸਥਾਨਾਂ ‘ਤੇ ਲਿਜਾਇਆ ਗਿਆ ਅਤੇ ਤਲਾਸ਼ੀ ਅਭਿਆਨ ਚਲਾਇਆ ਗਿਆ। ਇਮਾਰਤਾਂ ਦੀ ਤਲਾਸ਼ੀ ਲੈਣ ਤੋਂ ਦੌਰਾਨ ਜਾਂਚ ਅਧਿਕਾਰੀਆਂ ਨੂੰ ਕੁੱਝ ਵੀ ਸ਼ੱਕੀ ਨਹੀਂ ਮਿਲਿਆ।
ਚੰਡੀਗੜ੍ਹ ਪੁਲਿਸ ਨੇ ਦੱਸਿਆ ਕਿ ਉਹ ਮਾਨਸਿਕ ਸਿਹਤ ਸੰਸਥਾ ਦੇ ਕੰਪਲੈਕਸ ਦੀ ਤਲਾਸ਼ੀ ਲੈ ਰਹੇ ਹਨ ਪਰ ਹਾਲੇ ਤੱਕ ਕੁਝ ਨਹੀਂ ਮਿਲਿਆ ਹੈ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਤੋਂ ਇਲਾਵਾ ਬੰਬ ਨਿਰੋਧਕ ਦਸਤੇ ਅਤੇ ਅੱਗ ਬੁਝਾਊ ਵਿਭਾਗ ਦੇ ਅਧਿਕਾਰੀ ਵੀ ਮੌਕੇ ’ਤੇ ਤਾਇਨਾਤ ਕੀਤੇ ਗਏ ਹਨ।
ਚੰਡੀਗੜ੍ਹ ਦੇ ਸੈਕਟਰ 32 ’ਚ ਮੈਂਟਲ ਹੈਲਥ ਇੰਸਟੀਚਿਊਟ ਦੀ ਡਿਪਟੀ ਮੈਡੀਕਲ ਸੁਪਰਡੈਂਟ ਡਾ. ਅਪਰਾਜਿਤਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਹਸਪਤਾਲ ਨੂੰ ਸਵੇਰੇ ਈ-ਮੇਲ ‘ਤੇ ਬੰਬ ਦੀ ਧਮਕੀ ਮਿਲੀ ਸੀ। ਉਸ ਸਮੇਂ ਹਸਪਤਾਲ ਵਿੱਚ ਮਰੀਜ਼, ਡਾਕਟਰ ਅਤੇ ਹੋਰ ਕਰਮਚਾਰੀਆਂ ਸਮੇਤ ਲਗਪਗ 100 ਵਿਅਕਤੀ ਸਨ। ਇਸ ਕੇਂਦਰ ਤੋਂ ਇਲਾਵਾ ਦੇਸ਼ ਦੇ ਕਈ ਮਨੋਰੋਗ ਹਸਪਤਾਲਾਂ ਨੂੰ ਈਮੇਲ ਭੇਜੀ ਗਈ ਸੀ।