ਹੁਸ਼ਿਆਰਪੁਰ —ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਦਾ ਅਹੁਦਾ ਛੱਡਣ ਦੀ ਇੱਛਾ ਜ਼ਾਹਰ ਕੀਤੀ ਹੈ। ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਚੱਬੇਵਾਲ ‘ਚ ਡਾ. ਇਸ਼ਾਂਕ ਕੁਮਾਰ ਚੱਬੇਵਾਲ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਦੇ ਅਹੁਦੇ ਦੇ ਨਾਲ-ਨਾਲ ਉਹ ਸੱਤ ਸਾਲਾਂ ਤੋਂ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਵੀ ਸੰਭਾਲ ਰਹੇ ਹਨ ਪਰ ਉਹ ਚਾਹੁੰਦੇ ਹਨ ਕਿ ਪਾਰਟੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਕਿਸੇ ਹੋਰ ਨੂੰ ਮਿਲੇ।
ਉਨ੍ਹਾਂ ਕਿਹਾ ਕਿ ਪਾਰਟੀ ਨੂੰ ਪੂਰਾ ਸਮਾਂ ਪ੍ਰਧਾਨ ਮਿਲੇ ਤਾਂ ਜੋ ਹੋਰ ਆਗੂਆਂ ਨੂੰ ਮੌਕਾ ਮਿਲ ਸਕੇ। ਪਾਰਟੀ ਦੇ ਸਾਰੇ ਲੋਕਾਂ ਨੂੰ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੈਂ 7 ਸਾਲਾਂ ਤੋਂ ਪਾਰਟੀ ਦਾ ਪ੍ਰਧਾਨ ਹਾਂ। ਮੁੱਖ ਮੰਤਰੀ ਦੇ ਤੌਰ ‘ਤੇ ਮੇਰੇ ਕੋਲ ਬਹੁਤ ਜ਼ਿੰਮੇਵਾਰੀਆਂ ਹਨ। ਮੇਰੇ ਕੋਲ 14 ਵਿਭਾਗ ਹਨ। ਉਨ੍ਹਾਂ ਕਿਹਾ ਕਿ ਉਹ ਇਹ ਮਾਮਲਾ ਪਾਰਟੀ ਹਾਈਕਮਾਂਡ ਅੱਗੇ ਰੱਖਣਗੇ। ਮੁੱਖ ਮੰਤੀ ਭਗਵੰਤ ਮਾਨ ਵੱਲੋਂ ਪ੍ਰਧਾਨਗੀ ਛੱਡਣ ਦੀ ਇੱਛਾ ਜਤਾਉਣ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਸਬੰਧ ‘ਚ ਜਲਦ ਹੀ ਕੋਈ ਵੱਡਾ ਐਲਾਨ ਹੋ ਸਕਦਾ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਹਿੰਦੂ ਚਿਹਰਾ ਜਾਂ ਫਿਰ ਅਨੁਸੂਚਿਤ ਜਾਤੀ ਦੇ ਕਿਸੇ ਚਿਹਰੇ ਨੂੰ ਪ੍ਰਧਾਨ ਲਗਾਇਆ ਜਾ ਸਕਦਾ ਹੈ।