ਬਠਿੰਡਾ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 41 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰਾਜੈਕਟ ਨਵਾਂ ਬਣਿਆ ਗਰਲਜ਼ ਸਕੂਲ ਅਤੇ ਬਲਵੰਤ ਗਾਰਗੀ ਆਡੀਟੋਰੀਅਮ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੇ।
ਅੱਜ ਇੱਥੇ ਬਲਵੰਤ ਗਾਰਗੀ ਆਡੀਟੋਰੀਅਮ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਵ-ਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਰੁਜ਼ਗਾਰ ਅਤੇ ਹੋਰ ਰਾਜ ਸਰਕਾਰਾਂ ਦੇ ਤਰਜੀਹੀ ਖੇਤਰ ਹਨ ਅਤੇ ਇਨ੍ਹਾਂ ‘ਤੇ ਪੂਰਾ ਜ਼ੋਰ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੋਂ ਤੱਕ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਤਰੱਕੀ ਦਾ ਸਬੰਧ ਹੈ, ਤਾਂ ਸਾਡੇ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਅਤੇ ਸਾਫ਼-ਸੁਥਰਾ ਨਿਜ਼ਾਮ ਦੇਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਆਡੀਟੋਰੀਅਮ, ਜੋ ਇੰਜੀਨੀਅਰਿੰਗ ਦਾ ਇੱਕ ਅਦਭੁਤ ਨਮੂਨਾ ਹੈ, 30 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਆਡੀਟੋਰੀਅਮ ਵਿੱਚ ਇੱਕ ਸੈਮੀਨਾਰ ਹਾਲ, ਦੋ ਕਾਨਫਰੰਸ ਰੂਮ, ਪ੍ਰਦਰਸ਼ਨੀ ਹਾਲ ਅਤੇ ਲੋਕਾਂ ਲਈ ਹੋਰ ਲੋੜੀਂਦੀਆਂ ਸਹੂਲਤਾਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਆਡੀਟੋਰੀਅਮ ਦਾ ਨਾਂ ਪ੍ਰਸਿੱਧ ਸਾਹਿਤਕਾਰ ਪਦਮ ਸ੍ਰੀ ਬਲਵੰਤ ਗਾਰਗੀ ਦੇ ਨਾਂ ‘ਤੇ ਰੱਖਿਆ ਗਿਆ ਹੈ ਅਤੇ ਇਹ ਮਿੱਟੀ ਦੇ ਮਹਾਨ ਪੁੱਤਰ ਨੂੰ ਅਸਲ ਸ਼ਰਧਾਂਜਲੀ ਹੈ।