ਜਲੰਧਰ/ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਪ੍ਰਧਾਨ ਮੰਤਰੀ ਸਵ. ਡਾ. ਮਨਮੋਹਨ ਸਿੰਘ ਵੱਲੋਂ ਦੇਸ਼ ਤੇ ਪੰਜਾਬ ਦੇ ਹਿੱਤ ਵਿਚ ਲਏ ਗਏ ਫੈਸਲਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਡਾ. ਮਨਮੋਹਨ ਸਿੰਘ ਦੇ ਯੋਗਦਾਨ ਨੂੰ ਅਸੀਂ ਕਦੇ ਨਹੀਂ ਭੁਲਾ ਸਕਾਂਗੇ।
ਮੁੱਖ ਮੰਤਰੀ ਦਿੱਲੀ ਵਿਚ ਡਾ. ਮਨਮੋਹਨ ਸਿੰਘ ਦੀ ਯਾਦ ’ਚ ਆਯੋਜਿਤ ਅੰਤਿਮ ਪ੍ਰਾਰਥਨਾ ਸਭਾ ਵਿਚ ਹਿੱਸਾ ਲੈਣ ਲਈ ਗਏ ਸਨ। ਉਨ੍ਹਾਂ ਸਵ. ਡਾ. ਮਨਮੋਹਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਦੇਸ਼ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ’ਚ ਡਾ. ਸਾਹਿਬ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਉਨ੍ਹਾਂ ਆਪਣੇ ਪ੍ਰਧਾਨ ਮੰਤਰੀ ਦੇ ਕਾਰਜਕਾਲ ਦੌਰਾਨ ਪੰਜਾਬ ਦੀ ਦਿਲ ਖੋਲ੍ਹ ਕੇ ਮਦਦ ਕੀਤੀ ਸੀ। ਅੱਜ ਭਾਵੇਂ ਡਾ. ਮਨਮੋਹਨ ਸਿੰਘ ਸਾਡੇ ਵਿਚਕਾਰ ਨਹੀਂ ਹਨ ਪਰ ਦੇਸ਼ ਵਾਸੀ ਉਨ੍ਹਾਂ ਦੇ ਆਰਥਿਕ ਸੁਧਾਰ ਪ੍ਰੋਗਰਾਮਾਂ ਅਤੇ ਦੇਸ਼ ਦੇ ਹਿੱਤ ਵਿਚ ਲਏ ਗਏ ਫੈਸਲਿਆਂ ਨੂੰ ਯਾਦ ਕਰ ਰਹੇ ਹਨ।
ਮੁੱਖ ਮੰਤਰੀ ਨੇ ਇਸ ਮੌਕੇ ’ਤੇ ਸਵ. ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨਾਲ ਮੁਲਾਕਾਤ ਕਰ ਕੇ ਆਪਣੇ ਪਰਿਵਾਰ ਵੱਲੋਂ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਗੁਰਸ਼ਰਨ ਕੌਰ ਦੇ ਚਰਨ ਛੂਹੇ ਅਤੇ ਕਿਹਾ ਕਿ ਉਹ ਤੇ ਪੰਜਾਬ ਸਰਕਾਰ ਹਮੇਸ਼ਾ ਡਾ. ਸਾਹਿਬ ਦੇ ਪਰਿਵਾਰ ਨਾਲ ਖੜ੍ਹੇ ਰਹਿਣਗੇ।