ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੁਰੂਕਸ਼ੇਤਰ ਵਿਚ 4 ਏਕੜ ਵਿਚ ਇਕ ਸਿੱਖ ਅਜਾਇਬ ਘਰ ਸਥਾਪਤ ਕਰਨ ਦਾ ਐਲਾਨ ਕੀਤਾ ਹੈ, ਤਾਂ ਜੋ ਸਿੱਖ ਭਾਈਚਾਰਾ ਆਪਣੇ ਇਤਿਹਾਸ ਨਾਲ ਜੁੜਿਆ ਰਹੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੱਖ ਗੁਰੂਆਂ ਦੀਆਂ ਮਹਾਨ ਕੁਰਬਾਨੀਆਂ ਬਾਰੇ ਜਾਣੂ ਕਰਵਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ ਬਣਾਉਣ ਦਾ ਵੀ ਐਲਾਨ ਕੀਤਾ।
ਮੁੱਖ ਮੰਤਰੀ ਨਾਇਬ ਸੈਣੀ ਨੇ ਵਿਸਾਖੀ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚ ਸੀਸ ਨਿਵਾਇਆ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵੀ ਮੁਲਾਕਾਤ ਕੀਤੀ। ਇਸ ਮਗਰੋਂ ਸੈਣੀ ਗੁਰੂਗ੍ਰਾਮ ਦੇ ਸਾਊਥ ਸਿਟੀ-1 ਵਿਚ ਸਥਿਤ ਗੁਰਦੁਆਰਾ ਸਾਧ ਸੰਗਤ ਵਿਖੇ ਵੀ ਨਤਮਸਤਕ ਹੋਏ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਲੋਕਾਂ ਵਿਚ ਹਿੰਮਤ ਅਤੇ ਕੁਰਬਾਨੀ ਦੀ ਭਾਵਨਾ ਪੈਦਾ ਕੀਤੀ।
ਗੁਰੂ ਗੋਬਿੰਦ ਸਿੰਘ ਜੀ ਨੇ ਅਨਿਆਂ ਅਤੇ ਜ਼ੁਲਮ ਵਿਰੁੱਧ ਲੜਨ ਲਈ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਉਨ੍ਹਾਂ ਕਿਹਾ, “ਉਸ ਸਮੇਂ ਦੇਸ਼ ‘ਤੇ ਮੁਗਲਾਂ ਦਾ ਰਾਜ ਸੀ। ਉਹ ਲੋਕਾਂ ‘ਤੇ ਭਿਆਨਕ ਅੱਤਿਆਚਾਰ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਧਰਮ ਪਰਿਵਰਤਨ ਲਈ ਮਜਬੂਰ ਕਰ ਰਹੇ ਸਨ। ਸਮਾਜ ਜਾਤ ਅਤੇ ਧਰਮ ਦੇ ਆਧਾਰ ‘ਤੇ ਵੰਡਿਆ ਹੋਇਆ ਸੀ। ਗੁਰੂ ਗੋਬਿੰਦ ਸਿੰਘ ਨੇ ਲੋਕਾਂ ਨੂੰ ਆਪਣੇ ਧਰਮ ਅਤੇ ਸਨਮਾਨ ਦੀ ਰੱਖਿਆ ਲਈ ਕੁਰਬਾਨੀਆਂ ਕਰਨ ਲਈ ਪ੍ਰੇਰਿਤ ਕੀਤਾ।”