ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੰਗਰੂਰ ਪਹੁੰਚੇ। ਜਿੱਥੇ ਉਨਾ ਨੇ ਘੱਗਰ ਨਦੀ ਦੇ ਨਾਲ ਲਗਦੇ ਹੜ੍ਹ ਸੰਭਾਵੀ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ’ਤੇ ਹੜ੍ਹਾਂ ਨਾਲ ਨਜਿੱਠਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਜਾਇਜਾ ਲੈਣ ਉਪਰੰਤ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹੜ੍ਹਾਂ ਤੋਂ ਬਚਾਅ ਲਈ ਪ੍ਰਬੰਧ ਕੀਤੇ ਜਾਣ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਹੁਣ ਸਮਾਂ ਪਹਿਲਾਂ ਵਰਗਾ ਨਹੀਂ ਰਿਹਾ, ਜਦੋਂ ਸੂਬੇ ਦੇ ਮੁਖੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਉਦੋਂ ਕਰਦੇ ਸਨ, ਜਦੋਂ ਇਲਾਕਾ ਪਾਣੀ ਵਿਚ ਡੁੱਬ ਰਿਹਾ ਹੁੰਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੇ ਆਗੂਆਂ ਨੇ ਮਹਿਜ਼ ਫੋਟੋਆਂ ਖਿਚਵਾਉਣ ਲਈ ਅਜਿਹੇ ਮੌਕਿਆਂ ਦੀ ਵਰਤੋਂ ਕੀਤੀ ਅਤੇ ਲੋਕਾਂ ਦੀ ਸੁਰੱਖਿਆ ਤੇ ਸਰੋਕਾਰਾਂ ਦੀ ਕੋਈ ਪ੍ਰਵਾਹ ਨਹੀਂ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਉਲਟ ਉਨ੍ਹਾਂ ਨੇ ਹੜ੍ਹਾਂ ਤੋਂ ਬਚਾਉਣ ਲਈ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਹੜ੍ਹਾਂ ਤੋਂ ਬਚਾਅ ਦਾ ਕੰਮ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਜਾ ਸਕੇ ਅਤੇ ਲੋਕਾਂ ਦਾ ਕੋਈ ਜਾਨੀ-ਮਾਲੀ ਨੁਕਸਾਨ ਨਾ ਹੋਵੇ।