ਚੰਡੀਗੜ੍ਹ: ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਤਹਿਤ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਕੋਂਗਕਲ ਸੰਗਮਾ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।
ਕੈਬਨਿਟ ਮੰਤਰੀਆਂ ਨੇ ਦੋਵੇਂ ਮੁੱਖ ਮੰਤਰੀਆਂ ਨੂੰ, ਹੱਕ-ਸੱਚ ਅਤੇ ਧਰਮ ਦੀ ਆਜ਼ਾਦੀ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਯਾਦ ਵਿੱਚ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਸਣੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ। ਇਨ੍ਹਾਂ ਸਮਾਗਮਾਂ ਵਾਸਤੇ ਨਿੱਜੀ ਤੌਰ ‘ਤੇ ਸੱਦਾ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਮੇਘਾਲਿਆ ਤੇ ਪੁਡੂਚੇਰੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦਾ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਸਰਬਸਾਂਝੀਵਾਲਤਾ ਦਾ ਸਦੀਵੀ ਸੰਦੇਸ਼ ਸਮੁੱਚੀ ਲੋਕਾਈ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ।

