ਮੋਹਾਲੀ- ਇਕ ਪ੍ਰਤੀਸ਼ਤ ਕਮਿਸ਼ਨ ਮੰਗਣ ਦੇ ਦੋਸ਼ ’ਚ ਨਾਮਜ਼ਦ ਕੀਤੇ ਗਏ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਤੇ ਉਨ੍ਹਾਂ ਦੇ ਓ. ਐੱਸ. ਡੀ. ਪ੍ਰਦੀਪ ਕੁਮਾਰ ਖ਼ਿਲਾਫ਼ ਥਾਣਾ ਫੇਜ਼-8 ਮੋਹਾਲੀ ਵਿਖੇ ਭ੍ਰਿਸ਼ਟਾਚਾਰ ਦੀਆਂ ਧਾਰਾਵਾਂ-7 ਤੇ 8 ਤਹਿਤ ਦਰਜ ਮਾਮਲੇ ’ਚ ਮੋਹਾਲੀ ਪੁਲਸ ਨੇ ਸਿੰਗਲਾ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਮੋਹਾਲੀ ਦੀ ਅਦਾਲਤ ’ਚ ਮਾਮਲਾ ਰੱਦ ਕਰਨ ਸਬੰਧੀ ਕਲੋਜ਼ਰ ਰਿਪੋਰਟ ਦਾਖ਼ਲ ਕਰ ਦਿੱਤੀ ਗਈ ਹੈ। ਇਸ ਕਲੋਜ਼ਰ ਰਿਪੋਰਟ ’ਤੇ ਸ਼ਿਕਾਇਤਕਰਤਾ ਰਾਜਿੰਦਰ ਸਿੰਘ ਵੱਲੋਂ ਵੀ ਸਹਿਮਤੀ ਪ੍ਰਗਟਾਉਂਦਿਆਂ ਕਿਹਾ ਗਿਆ ਹੈ ਕਿ ਜੇ ਅਦਾਲਤ ਵੱਲੋਂ ਇਹ ਕਲੋਜ਼ਰ ਰਿਪੋਰਟ ਸਵੀਕਾਰ ਕਰ ਲਈ ਜਾਂਦੀ ਹੈ ਤਾਂ ਉਸ ਨੂੰ ਕੋਈ ਇਤਰਾਜ਼ ਨਹੀਂ ਹੈ।
ਅਦਾਲਤ ਨੇ ਇਸ ’ਤੇ ਆਪਣਾ ਫ਼ੈਸਲਾ 14 ਜੁਲਾਈ ਲਈ ਰਾਖਵਾਂ ਰੱਖ ਲਿਆ ਹੈ। ਇਸ ਮਾਮਲੇ ’ਚ ਮੁਲਜ਼ਮ ਪ੍ਰਦੀਪ ਕੁਮਾਰ ਦੀ ਉਕਤ ਕੇਸ ’ਚ ਸ਼ਮੂਲੀਅਤ ਬਾਰੇ ਮੋਹਾਲੀ ਪੁਲਸ ਤਫ਼ਤੀਸ਼ ਕਰ ਰਹੀ ਹੈ ਕਿਉਂਕਿ ਉਸ ਖ਼ਿਲਾਫ਼ ਅਦਾਲਤ ’ਚ ਚਾਰਜਸ਼ੀਟ ਦਾਖ਼ਲ ਕੀਤੀ ਜਾ ਚੁੱਕੀ ਹੈ।