ਜੰਮੂ- ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ 6 ਸਾਲਾਂ ਦੇ ਅੰਤਰਾਲ ਤੋਂ ਬਾਅਦ ਸ਼ੁੱਕਰਵਾਰ ਨੂੰ ਰਾਜ ਦਾ ਬਜਟ ਪੇਸ਼ ਕੀਤਾ ਅਤੇ ਇਸ ਨੂੰ ਆਰਥਿਕ ਵਿਕਾਸ ਲਈ ਇਕ ਰੋਡਮੈਪ ਅਤੇ ਲੋਕਾਂ ਦੀਆਂ ਇੱਛਾਵਾਂ ਦਾ ਸੱਚਾ ਪ੍ਰਤੀਬਿੰਬ ਦੱਸਿਆ। ਵਿਧਾਨ ਸਭਾ ‘ਚ ਬਜਟ ਪੇਸ਼ ਕਰਦੇ ਹੋਏ, ਅਬਦੁੱਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਵੱਖ-ਵੱਖ ਖੇਤਰਾਂ ‘ਚ ਸਹਿਯੋਗ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ,”ਜੰਮੂ ਅਤੇ ਕਸ਼ਮੀਰ ਦੇ ਵਿੱਤ ਮੰਤਰੀ ਵਜੋਂ ਮੈਨੂੰ ਇਹ ਬਜਟ ਪੇਸ਼ ਕਰਨ ‘ਚ ਖੁਸ਼ੀ ਹੋ ਰਹੀ ਹੈ। ਇਹ ਆਰਥਿਕ ਵਿਕਾਸ ਲਈ ਇਕ ਰੋਡਮੈਪ ਹੈ ਅਤੇ ਲੋਕਾਂ ਦੀਆਂ ਸੱਚੀਆਂ ਇੱਛਾਵਾਂ ਦਾ ਪ੍ਰਤੀਬਿੰਬ ਹੈ।” 6 ਸਾਲਾਂ ਦੇ ਕੇਂਦਰੀ ਸ਼ਾਸਨ ਦੇ ਅੰਤ ਤੋਂ ਬਾਅਦ ਪਿਛਲੇ ਸਾਲ ਅਕਤੂਬਰ ‘ਚ ਸੱਤਾ ‘ਚ ਆਉਣ ਤੋਂ ਬਾਅਦ ਇਹ ਨੈਸ਼ਨਲ ਕਾਨਫਰੰਸ ਸਰਕਾਰ ਦਾ ਪਹਿਲਾ ਬਜਟ ਹੈ। ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ‘ਚ ਆਖਰੀ ਬਜਟ ਸੈਸ਼ਨ 2018 ‘ਚ ਪੀਡੀਪੀ-ਭਾਜਪਾ ਸਰਕਾਰ ਦੌਰਾਨ ਹੋਇਆ ਸੀ। 5 ਅਗਸਤ 2019 ਨੂੰ ਜੰਮੂ-ਕਸ਼ਮੀਰ ‘ਚ ਧਾਰਾ 370 ਨੂੰ ਰੱਦ ਕਰਨ ਤੋਂ ਬਾਅਦ ਇਸ ਨੂੰ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਵੰਡਿਆ ਗਿਆ ਸੀ।