ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਆਗਾਮੀ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਕਰਵਾਏਗੀ। ਸੈਰ–ਸਪਾਟਾ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਵੱਡੇ ਪੱਧਰ ‘ਤੇ ਮਨਾਏਗੀ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿਚ ਸਮਾਗਮਾਂ ਦੀ ਲੜੀ ਕਰਵਾਈ ਜਾਵੇਗੀ ਅਤੇ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਅਸਥਾਨਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਸੈਰ ਸਪਾਟਾ ਵਿਭਾਗ ਨੂੰ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਲੜੀਵਾਰ ਸਮਾਗਮ ਕਰਵਾਉਣ ਲਈ ਵਿਸਥਾਰਤ ਪ੍ਰੋਗਰਾਮ ਉਲੀਕਣ ਲਈ ਕਿਹਾ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਾਰਮਿਕ ਆਜ਼ਾਦੀ ਦੇ ਅਧਿਕਾਰ ਦੀ ਰਾਖੀ ਅਤੇ ਮਨੁੱਖੀ ਤੇ ਧਰਮ ਨਿਰਪੱਖ ਕਦਰਾਂ–ਕੀਮਤਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਮਹਾਨ ਕੁਰਬਾਨੀ ਮਾਨਵਤਾ ਦੇ ਇਤਿਹਾਸ ‘ਚ ਅਦੁੱਤੀ ਅਤੇ ਬੇਮਿਸਾਲ ਹੈ ਅਤੇ ਜ਼ੁਲਮ ਤੇ ਜ਼ਬਰ ਵਿਰੁੱਧ ਲੜਾਈ ਦਾ ਪ੍ਰਤੀਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਵੇਂ ਗੁਰੂ ਸਾਹਿਬ ਨੇ ਦੇਸ਼ ਵਿਚ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕੀਤੀ। ਪੰਜਾਬ ਵਿਚ ਸੈਰ ਸਪਾਟੇ ਨੂੰ ਉਤਸ਼ਾਹਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਫਰਵਰੀ ਵਿਚ ਸੂਬੇ ਵਿਚ ਰੰਗਲਾ ਪੰਜਾਬ ਫੈਸਟੀਵਲ ਕਰਵਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।