ਜਲੰਧਰ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ’ਚ ਨਜ਼ਰ ਆ ਰਹੇ ਹਨ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਜਿੱਥੇ ਐਤਵਾਰ ਉਨ੍ਹਾਂ ਝੋਨੇ ਦੀ ਫ਼ਸਲ ਦੀ ਖ਼ਰੀਦ ਸਬੰਧੀ ਮੀਟਿੰਗ ਕੀਤੀ, ਉੱਥੇ ਹੀ ਸੋਮਵਾਰ ਵੀ ਉਹ ਸਰਕਾਰੀ ਕੰਮਾਂ ’ਚ ਰੁੱਝੇ ਰਹਿਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਸੋਮਵਾਰ ਨੂੰ ਸਬੰਧਤ ਸਰਕਾਰੀ ਵਿਭਾਗਾਂ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਦੁਪਹਿਰ 1 ਵਜੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਸੱਦੀ ਗਈ ਹੈ। ਇਸ ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਉਚਿਤ ਕਦਮ ਚੁੱਕਣ ਅਤੇ ਵਿਆਪਕ ਨੀਤੀ ਬਣਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦੇਣਗੇ।
ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਹਰ ਸਾਲ ਪਰਾਲੀ ਦਾ ਮੁੱਦਾ ਉੱਠਦਾ ਹੈ ਕਿਉਂਕਿ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਨਾਲ ਪੈਦਾ ਹੋਣ ਵਾਲੇ ਧੂੰਏਂ ਨਾਲ ਨਾ ਸਿਰਫ਼ ਪੰਜਾਬ, ਸਗੋਂ ਹੋਰਨਾਂ ਸੂਬਿਆਂ ਵਿਚ ਵੀ ਪ੍ਰਦੂਸ਼ਣ ਦੀ ਮਾਤਰਾ ਵਧ ਜਾਂਦੀ ਹੈ। ਹਰ ਸਾਲ ਪੰਜਾਬ, ਹਰਿਆਣਾ ਅਤੇ ਦਿੱਲੀ ਵਿਚਾਲੇ ਚਰਚਾ ਹੁੰਦੀ ਹੈ ਕਿ ਵਧਦੇ ਪ੍ਰਦੂਸ਼ਣ ਲਈ ਕੌਣ ਜ਼ਿੰਮੇਵਾਰ ਹੈ?
ਮੁੱਖ ਮੰਤਰੀ ਭਗਵੰਤ ਮਾਨ ਵੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਨਗੇ ਕਿਉਂਕਿ ਇਸ ਨੂੰ ਸਾੜਨ ਨਾਲ ਪੈਦਾ ਹੋਣ ਵਾਲਾ ਧੂੰਆਂ ਕਈ ਬਿਮਾਰੀਆਂ ਦਾ ਕਾਰਨ ਬਣਦਾ ਹੈ ਅਤੇ ਪ੍ਰਦੂਸ਼ਣ ਦੀ ਮਾਤਰਾ ਵੀ ਵਧਾਉਂਦਾ ਹੈ।