ਜਲੰਧਰ/ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿਚ ਭਾਸ਼ਣ ਦਿੱਤਾ ਗਿਆ, ਜਿੱਥੇ ਉਨ੍ਹਾਂ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੀਚੇਵਾਲ ‘ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਅਸਲ ਵਿਚ ਪ੍ਰਤਾਪ ਸਿੰਘ ਬਾਜਵਾ ਨੂੰ ਆਪਣੇ ਆਪ ਤੋਂ ਇਲਾਵਾ ਕੁਝ ਨਹੀਂ ਦਿੱਸਦਾ। ਮੈਂ ਬਾਜਵਾ ਵੱਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਲੈ ਕੇ ਕੀਤੀ ਗਈ ਟਿੱਪਣੀ ਦੀ ਸਖ਼ਤ ਨਿੰਦਾ ਕਰਦਾ ਹਾਂ।
ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਮੀਨ ਹੇਠਾਂ ਜਾ ਰਹੇ ਪਾਣੀ ਦੇ ਮੁੱਦੇ ‘ਤੇ ਵੱਡਾ ਬਿਆਨ ਦਿੱਤਾ। ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਹੈ ਅਤੇ ਲੋਕ ਸਹਿਯੋਗ ਵੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ 30 ਸਾਲਾਂ ਤੋਂ ਬੰਦ ਪਈਆਂ 77 ਨਹਿਰਾਂ ਨੂੰ ਅਸੀਂ ਚਾਲੂ ਕਰਵਾ ਚੁੱਕੇ ਹਾਂ। ਅਸੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਹੈ। ਇਕ ਤੋਂ ਡੇਢ ਮੀਟਰ ਤੱਕ ਪਾਣੀ ਉਪਰ ਆਇਆ ਹੈ।