ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਟੈਗੋਰ ਥੀਏਟਰ ਵਿਖੇ ਨਵ-ਨਿਯੁਕਤ ਈ. ਟੀ. ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਲੋਕ ਸਰਕਾਰੀ ਨੌਕਰੀ ਨੂੰ ਤਾਂ ਬਿਲਕੁਲ ਹੀ ਭੁੱਲ ਗਏ ਸੀ ਪਰ ਹੁਣ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਲੋਂ ਨੌਕਰੀਆਂ ਦੇਣ ਲਈ ਇਕ ਰੁਪਏ ਦੀ ਵੀ ਰਿਸ਼ਵਤ ਨਹੀਂ ਲਈ ਜਾਂਦੀ ਅਤੇ ਨਾ ਹੀ ਕਿਸੇ ਤਰ੍ਹਾਂ ਦਾ ਕੋਈ ਭ੍ਰਿਸ਼ਟਾਚਾਰ ਹੁੰਦਾ ਹੈ।
ਉਨ੍ਹਾਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਅਧਿਆਪਕਾਂ ਤੋਂ ਪੜ੍ਹਾਉਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਲਿਆ ਜਾਵੇਗਾ ਅਤੇ ਵਾਧੂ ਦੇ ਕੰਮਾਂ ਲਈ ਅਸੀਂ ਜੋ ਮਰਜ਼ੀ ਕਰੀਏ, ਜਿਵੇਂ ਮਰਜ਼ੀ ਸਟਾਫ਼ ਰੱਖੀਏ ਪਰ ਅਧਿਆਪਕਾਂ ਦੀ ਜ਼ਿੰਮੇਵਾਰੀ ਸਿਰਫ ਵਿਦਿਆਰਥੀਆਂ ਨੂੰ ਪੜ੍ਹਾਈ ਕਰਵਾਉਣ ਦੀ ਹੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਿੱਖਿਆ ਦੇ ਖੇਤਰ ‘ਚ ਵੱਡੀਆਂ ਪੁਲਾਂਘਾ ਪੁੱਟ ਰਹੇ ਹਾਂ ਅਤੇ ਅਧਿਆਪਕਾਂ ਨੂੰ ਟ੍ਰੇਨਿੰਗ ਲਈ ਬਾਹਰਲੇ ਮੁਲਕਾਂ ‘ਚ ਭੇਜਿਆ ਜਾ ਰਿਹਾ ਹੈ ਤਾਂ ਜੋ ਇੱਥੇ ਆ ਕੇ ਉਹ ਆਧੁਨਿਕ ਤਰੀਕੇ ਨਾਲ ਬੱਚਿਆਂ ਨੂੰ ਪੜ੍ਹਾ ਸਕਣ। ਉਨ੍ਹਾਂ ਨੇ ਨਵੇਂ ਨਿਯੁਕਤ ਹੋਏ ਉਮੀਦਵਾਰਾਂ ਨੂੰ ਬਦਲੀਆਂ ਦੀਆਂ ਅਰਜ਼ੀਆਂ ਨਾ ਦੇਣ ਦੀ ਅਪੀਲ ਕੀਤੀ।