ਜਲੰਧਰ/ਹੁਸ਼ਿਆਰਪੁਰ – ਹੁਸ਼ਿਆਰਪੁਰ ਵਿੱਚ ਵਾਪਰੀ ਐੱਲ. ਪੀ. ਜੀ. ਟੈਂਕਰ ਬਲਾਸਟ ਦੀ ਘਟਨਾ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੁੱਖ਼ ਜਤਾਇਆ ਹੈ। ਇਸ ਦੇ ਨਾਲ ਹੀ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਆਰਥਿਕ ਸਹਾਇਤਾ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਪੋਸਟ ਕਰ ਲਿਖਿਆ ਹੈ ਕਿ LPG ਗੈਸ ਨਾਲ ਭਰੇ ਇਕ ਟੈਂਕਰ ਵਿਚ ਧਮਾਕਾ ਹੋਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਜਿਸ ਵਿਚ ਕੁਝ ਲੋਕਾਂ ਦੀ ਦੁਖ਼ਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਦਸੇ ‘ਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਵਜੋਂ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ-ਜਲੰਧਰ ਮਾਰਗ ’ਤੇ ਪਿੰਡ ਮੰਡਿਆਲਾ ਵਿਖੇ ਗੈਸ ਟੈਂਕਰ ਅਤੇ ਪਿਕਅੱਪ ਵੈਨ ਵਿਚਾਲੇ ਟੱਕਰ ਹੋਣ ਨਾਲ ਗੈਸ ਟੈਂਕਰ ਵਿਚੋਂ ਗੈਸ ਲੀਕ ਹੋਣ ਤੋਂ ਬਾਅਦ ਭਿਆਨਕ ਅੱਗ ਲੱਗ ਗਈ ਸੀ, ਜਿਸ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ ਸੀ। ਕੁਝ ਹੀ ਸਮੇਂ ਵਿਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ। ਅੱਗ ਦੀਆਂ ਲਪਟਾਂ ਨੇ ਸੜਕ ਦੇ ਆਲੇ-ਦੁਆਲੇ ਦੀਆਂ ਦੁਕਾਨਾਂ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ।