ਜਲੰਧਰ/ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ‘ਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਝੋਨਾ ਖ਼ਰੀਦਣ ਵਿੱਚ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਮੰਤਰੀ ਨੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ। ਆੜ੍ਹਤੀਆਂ ਦੇ ਕਮਿਸ਼ਨ ਨੂੰ ਵੀ ਵਿਚਾਰਨ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵਾਰ ਝੋਨੇ ਦੀ ਬੰਪਰ ਫ਼ਸਲ ਹੋਈ ਹੈ। ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਸਟੋਰੇਜ ਲਈ ਥਾਂ ਦੀ ਲਗਾਤਾਰ ਘਾਟ ਆ ਰਹੀ ਹੈ ਅਤੇ ਹੁਣ ਤੱਕ ਸਿਰਫ਼ ਸੱਤ ਲੱਖ ਟਨ ਮੀਟਰਿਕ ਟਨ ਸਮਰੱਥਾ ਹੀ ਉਪਲੱਬਧ ਹੈ, ਜਿਸ ਕਾਰਨ ਮਿਲਿੰਗ ਕਰ ਰਹੇ ਸੂਬੇ ਦੇ ਮਿੱਲ ਮਾਲਕਾਂ ਵਿੱਚ ਵਿਆਪਕ ਰੋਸ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਮੰਡੀਆਂ ‘ਚ ਝੋਨੇ ਦੀ ਖ਼ਰੀਦ/ਚੁਕਾਈ ‘ਤੇ ਮਾੜਾ ਅਸਰ ਪੈ ਰਿਹਾ ਹੈ, ਜਿਸ ਕਾਰਨ ਕਿਸਾਨਾਂ ਵਿਚਕਾਰ ਵੀ ਰੋਸ ਪੈਦਾ ਹੋ ਰਿਹਾ ਹੈ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨੂੰ ਅਪੀਲ ਕੀਤੀ ਕਿ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਈ ਰੱਖਣ ਲਈ 31 ਮਾਰਚ 2025 ਸੂਬੇ ਤੋਂ ਘੱਟੋ-ਘੱਟ 20 ਫ਼ੀਸਦੀ ਅਨਾਜ ਦੀ ਚੁਕਾਈ ਯਕੀਨੀ ਬਣਾਈ ਜਾਵੇ।