ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਦੇ ਲੀਡਰਾਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰ ਕੇ ਜਮਹੂਰੀਅਤ ਦੀ ਆਵਾਜ਼ ਦਬਾਉਣ ਲਈ ਪੱਬਾਂ ਭਾਰ ਹੋਈ ਪਈ ਹੈ। ਸ਼ੁੱਕਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਨਵੇਂ ਹਾਲਾਤ ਪੈਦਾ ਕੀਤੇ ਜਾ ਰਹੇ ਹਨ ਕਿ ਜੋ ਵੀ ਸੱਚ ਬੋਲੇਗਾ, ਉਸ ਨੂੰ ਐੱਫ. ਆਈ. ਆਰ. ਦਾ ਸਾਹਮਣਾ ਕਰਨਾ ਪਵੇਗਾ।
CM ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਹੋਰ ਆਗੂਆਂ ਨੂੰ ਸੱਚ ਬੋਲਣ ਕਰ ਕੇ ਜੇਲ ਜਾਣਾ ਪਿਆ। ਕੇਂਦਰ ਵੱਲੋਂ ਸਾਡੀ ਆਵਾਜ਼ ਦਬਾਉਣ ਦੀਆਂ ਕੋਸ਼ਿਸ਼ਾਂ ਦਾ ਅਸੀਂ ਸਾਹਮਣਾ ਕਰਨ ਲਈ ਤਿਆਰ ਹਾਂ। ਸਾਨੂੰ ਕਾਨੂੰਨ ’ਚ ਵਿਸ਼ਵਾਸ ਹੈ। ਅਜੇ ਹੋਰ ਗ੍ਰਿਫਤਾਰੀਆਂ ਤੇ ਐੱਫ. ਆਈ. ਆਰ. ਦਰਜ ਹੋਣਗੀਆਂ ਕਿਉਂਕਿ ਭਾਜਪਾ ਅਤੇ ਇਸ ਦੇ ਨੇਤਾ ਮੋਦੀ ਖਿਲਾਫ਼ ਬੋਲਣ ਕਰ ਕੇ ਸਾਡੀ ਆਵਾਜ਼ ਦਬਾਉਣਾ ਚਾਹੁੰਦੇ ਹਨ।
ਇਕ ਸਵਾਲ ਦੇ ਜਵਾਬ ’ਚ ਮਾਨ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਵਜੋਂ ਉਨ੍ਹਾਂ ਨੂੰ ਦੇਸ਼ ਦੀ ਵਿਦੇਸ਼ ਨੀਤੀ ’ਤੇ ਸਵਾਲ ਕਰਨ ਦਾ ਪੂਰਾ ਹੱਕ ਹੈ। ਉਹ ਮੋਦੀ ਦੇ ਵਿਦੇਸ਼ੀ ਦੌਰਿਆਂ ’ਤੇ ਵਾਰ-ਵਾਰ ਸਵਾਲ ਪੁੱਛਣਗੇ ਕਿਉਂਕਿ ਇਹ ਸੱਚਾਈ ਹੈ ਕਿ ਕਿਸੇ ਵੀ ਦੇਸ਼ ’ਚ ਮੋਦੀ ਦੀ ਫੇਰੀ ਤੋਂ ਬਾਅਦ ਅਡਾਣੀ ਦਾ ਕਾਰੋਬਾਰ ਫੈਲਦਾ ਹੈ।ਭਾਰਤ-ਪਾਕਿ ਜੰਗ ਦੌਰਾਨ ਦੁਨੀਆ ਭਰ ਦੇ ਕਿਸੇ ਵੀ ਦੇਸ਼ ਨੇ ਭਾਰਤ ਦਾ ਸਮਰਥਨ ਨਹੀਂ ਕੀਤਾ, ਫਿਰ ਅਜਿਹੇ ਦੌਰਿਆਂ ਦਾ ਕੀ ਫਾਇਦਾ?
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖ਼ਤਰਨਾਕ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ ਜਾਂਦੀ ਹੈ, ਜੋ ਗੁਜਰਾਤ ਦੀਆਂ ਜੇਲ੍ਹਾਂ ’ਚ ਬੰਦ ਹਨ। ਉਨ੍ਹਾਂ ਕਿਹਾ ਕਿ ਸੰਗਠਿਤ ਅਪਰਾਧ ਅਤੇ ਨਸ਼ਿਆਂ ’ਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਉਨ੍ਹਾਂ ਵਿਰੁੱਧ ਕੋਈ ਨਰਮੀ ਨਹੀਂ ਵਰਤੀ ਜਾਵੇਗੀ। ਜੇਕਰ ਕੇਂਦਰੀ ਗ੍ਰਹਿ ਮੰਤਰੀ, ਜਿਨ੍ਹਾਂ ਨੂੰ ਗੁਜਰਾਤ ਤੋਂ ਕੱਢ ਦਿੱਤਾ ਗਿਆ ਸੀ, ਦਾ ਅਪਰਾਧਿਕ ਰਿਕਾਰਡ ਹੈ, ਅਜਿਹੀਆਂ ਸਰਕਾਰਾਂ ਤੋਂ ਹੋਰ ਕੀ ਉਮੀਦ ਕੀਤੀ ਜਾ ਸਕਦੀ ਹੈ।