ਗੁਰਦਾਸਪੁਰ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਐਮਰਜੈਂਸੀ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਕੁਸ਼ਲ ਬਣਾਉਣ ਦੇ ਮੱਦੇਨਜ਼ਰ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਪੁਲਸ ਨੇ ਭਾਰਤੀ ਰਾਸ਼ਟਰੀ ਰਾਜ ਮਾਰਗ ਅਥਾਰਿਟੀ (ਐਨਐਚਏਆਈ) ਹੈਲਪਲਾਈਨ 1033 ਅਤੇ ਸਾਈਬਰ ਕ੍ਰਾਈਮ ਹੈਲਪਲਾਈਨ 1930 ਨੂੰ ਏਕੀਕ੍ਰਿਤ ਕਰਕੇ ਹੁਣ ਡਾਇਲ 112 ਨਾਲ ਜੋੜ ਦਿੱਤਾ ਹੈ। ਪੰਜਾਬ ਦੀ ਇਸ ਏਕੀਕ੍ਰਿਤ ਸੰਕਟ-ਕਾਲੀ ਪ੍ਰਤੀਕਿਰਿਆ ਪ੍ਰਣਾਲੀ ਰਾਹੀਂ ਹੁਣ ਨਾਗਰਿਕ ਹਾਈਵੇ ਹਾਦਸਿਆਂ ਅਤੇ ਹੋਰ ਵਾਹਨਾਂ ਸਬੰਧੀ ਹੋਰ ਦਿੱਕਤਾਂ ਦੇ ਨਾਲ-ਨਾਲ ਵਿੱਤੀ ਧੋਖਾਧੜੀ ਅਤੇ ਸਾਈਬਰ ਅਪਰਾਧਾਂ ਦੀ ਰਿਪੋਰਟ ਹੁਣ ਸਿਰਫ਼ 112 ਡਾਇਲ ਕਰਕੇ ਕਰ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਇਹ ਪਹਿਲਕਦਮੀ, ਇੱਕ ਸਿੰਗਲ-ਵਿੰਡੋ ਪਲੇਟਫ਼ਾਰਮ ਤਹਿਤ ਕਈ ਮਹੱਤਵਪੂਰਨ ਸੇਵਾਵਾਂ ਪ੍ਰਦਾਨ ਕਰਦੀ ਹੈ ਅਤੇ ਫ਼ੌਰੀ ਸਹਾਇਤਾ ਉਪਲਬਧ ਕਰਵਾਉਣ ਲਈ ਆਸਾਨ ਪਹੁੰਚ ਨੂੰ ਯਕੀਨੀ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਨਾਗਰਿਕਾਂ ਨੂੰ ਧੋਖਾਧੜੀ ਜਾਂ ਸੜਕ ਹਾਦਸੇ ਦੀ ਰਿਪੋਰਟ ਕਰਨ ਲਈ ਖ਼ਾਸ ਹੈਲਪਲਾਈਨ ਨੰਬਰਾਂ ‘ਤੇ ਕਾਲ ਕਰਨੀ ਪੈਂਦੀ ਸੀ, ਜਿਸ ਨਾਲ ਉਨ੍ਹਾਂ ਲਈ ਵੱਖ-ਵੱਖ ਹੈਲਪਲਾਈਨ ਨੰਬਰ ਯਾਦ ਰੱਖਣਾ ਔਖਾ ਸੀ। ਹੁਣ ਤੱਕ 112 ਹੈਲਪਲਾਈਨ ਦੀ ਵਰਤੋਂ ਸਿਰਫ਼ ਰਾਜ ਭਰ ਵਿੱਚ ਹੋ ਰਹੇ ਵੱਖ-ਵੱਖ ਅਪਰਾਧਾਂ ਦੀ ਰਿਪੋਰਟ ਕਰਨ ਲਈ ਕੀਤੀ ਜਾਂਦੀ ਸੀ।