ਚੰਡੀਗੜ੍ਹ — ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਸਕਰਾਂ ਨੂੰ ਸਿੱਧੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਸਾਡੀ ਸਭ ਤੋਂ ਵੱਡੀ ਜੰਗ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਹੈ। ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਹਾਲਤ ਵਿਚ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਹੁਣ ਤਕ ਨਸ਼ੇ ਨਾਲ ਜੁੜੀਆਂ ਕਈ ਵੱਡੀਆਂ ਮੱਛੀਆਂ ਨੂੰ ਫੜਿਆ ਗਿਆ ਹੈ। ਬਹੁਤ ਸਾਰੇ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ, ਹੁਣ ਤਕ ਤਕਰੀਬਨ 400 ਕਰੋੜ ਰੁਪਏ ਦੇ ਕਰੀਬ ਜਾਇਦਾਦ ਜ਼ਬਤ ਕਰ ਲਈ ਗਈ ਹੈ।। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਨਸ਼ੇ ਖ਼ਿਲਾਫ਼ ਕਾਨੂੰਨਾਂ ਨੂੰ ਹੋਰ ਸਖ਼ਤ ਕਰਨ ਦੀ ਵੀ ਗੱਲ ਕੀਤੀ ਜਾ ਰਹੀ ਹੈ।
ਮੋਹਾਲੀ ‘ਚ ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨ ਉਪਰੰਤ CM ਮਾਨ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਹਰ ਫੀਲਡ ‘ਚ ਇਨੀਸ਼ੀਏਟਿਵ ਲਏ ਗਏ ਹਨ। ਇਸੇ ਤਹਿਤ ਹੁਣ ਸਪੈਸ਼ਲ ਟਾਸਕ ਫੋਰਸ ਨੂੰ ਅਪਡੇਟ ਕੀਤਾ ਗਿਆ ਹੈ, ਇਸ ਦਾ ਨਾਂ ਨਵੀਂ ਐਂਟੀ ਨਾਰਕੋਟਿਕ ਟਾਸਕ ਫੋਰਸ ਰੱਖਿਆ ਗਿਆ ਹੈ। ਇਹ ਸਪੈਸ਼ਲ ਟਾਸਕ ਫੋਰਸ ਦੀ ਜਗ੍ਹਾ ਲਵੇਗੀ। ਇਸ ਫੋਰਸ ਵਿਚ ਮੁਲਾਜ਼ਮਾਂ ਦੀ ਗਿਣਤੀ ਨੂੰ ਵੀ ਦੋਗੁਣਾ ਕਰ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵਟਸਐਪ ਚੈਟਬਾਟ ਦਾ ਵੀ ਉਦਘਾਟਨ ਕੀਤਾ ਹੈ। ਕੋਈ ਵੀ ਵਿਅਕਤੀ ਵਟਸਐਪ ਰਾਹੀਂ 9779100200 ਨੰਬਰ ‘ਤੇ ਨਸ਼ੇ ਦੀ ਸੂਚਨਾ ਦੇ ਸਕਦਾ ਹੈ, ਜਿਸ ‘ਤੇ ਫ਼ੌਰੀ ਐਕਸ਼ਨ ਲਿਆ ਜਾਵੇਗਾ। ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ।