ਤਰਨਤਾਰਨ– ਤਰਨਤਾਰਨ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਤੋਂ ਰੋਡ ਸ਼ੋਅ ਦੀ ਸ਼ੁਰੂਆਤ ਪਿੰਡ ਕੋਟ ਧਰਮ ਚੰਦ ਕਲਾਂ ਤੋਂ ਕੀਤੀ। ਇਸ ਤੋਂ ਪਹਿਲਾਂ ਵੀ 26 ਅਕਤੂਬਰ ਅਤੇ ਬੀਤੇ ਦਿਨ ਵੀ ਮੁੱਖ ਮੰਤਰੀ ਮਾਨ ਨੇ ਤਰਨਾਤਰਨ ‘ਚ ਰੋਡ ਸ਼ੋਅ ਕੀਤਾ ਸੀ। ਇਸ ਮੌਕੇ ਰੋਡ ਸ਼ੋਅ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦਾ ਭਾਰੀ ਇਕੱਠ ਨਜ਼ਰ ਆਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਉਮੀਦਵਾਰ ਹਰਮੀਤ ਸਿੰਘ ਸਿੱਧੂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਉਮੀਦਵਾਰ ਹਰਮੀਤ ਸਿੰਘ ਸਣੇ ‘ਆਪ’ ਵਰਕਰ ਮੌਜੂਦ ਰਹੇ । ਇਸ ਮੌਕੇ ਰੋਡ ਸ਼ੋਅ ਪਿੰਡ ਕੋਟ ਧਰਮ ਚੰਦ ਕਲਾਂ ਤੋਂ ਸ਼ੁਰੂ ਹੁੰਦਾ ਹੋਇਆ ਪਿੰਡ ਕਿਲ੍ਹਾ ਕਵੀ ਸੰਤੋਖ ਸਿੰਘ, ਪਿੰਡ ਭੋਜੀਆਂ ਤੇ ਪਿੰਡ ਝਾਮਕੇ ਕਲਾਂ ਪਹੁੰਚਿਆ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਰਨਤਾਰਨ ਹਲਕੇ ਦੇ ਲੋਕਾਂ ਨੂੰ ਵਿਕਾਸ ਪੱਖੋਂ ਵਾਂਝੇ ਰੱਖ ਕੇ ਕਿਸਮਤ ਦੇ ਭਰੋਸੇ ਛੱਡ ਦਿੱਤਾ। ਪਰ ਲੋਕਾਂ ਨੇ ਸਾਨੂੰ ਚੁਣ ਕੇ ਜੋ ਤੁਹਾਡੇ ਬੱਚਿਆਂ ਦੇ ਭਵਿੱਖ, ਘਰਾਂ ਦੇ ਚੁੱਲ੍ਹਿਆਂ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਜ਼ਿੰਮੇਵਾਰੀ ਦਿੱਤੀ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ‘ਤੇ ਲੱਗੇ ਹੋਏ ਹਾਂ। ਉਨ੍ਹਾਂ ਕਿਹਾ ਕਿ ਤਰਨਤਾਰਨ ਵਾਲਿਓ, ਇੱਕ ਪਾਸੇ ਲੜਾਈ ਵਾਲੇ ਨੇ, ਦੂਜੇ ਪਾਸੇ ਪੜ੍ਹਾਈ ਵਾਲੇ ਨੇ। ਵਿਰੋਧੀਆਂ ਦੀ ਚੋਣ ਤੁਹਾਡੇ ਇਲਾਕੇ ਵਿੱਚ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰੇਗੀ ਅਤੇ ਸਾਡੀ ਚੋਣ ਤੁਹਾਡੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕਰੇਗੀ। ਸਾਨੂੰ ਭਰੋਸਾ ਹੈ ਕਿ ਹਲਕੇ ਦੇ ਸੂਝਵਾਨ ਲੋਕ ਬੱਚਿਆਂ ਦਾ ਚੰਗਾ ਭਵਿੱਖ ਚੁਣਨਗੇ।

