ਪੰਜਾਬ ਭਰ ਵਿੱਚ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਰੈਲੀਆਂ ਅਤੇ ਸ਼ਕਤੀ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਕਾਂਗਰਸ ਵੱਲੋਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ‘ਸੰਵਿਧਾਨ ਬਚਾਓ’ ਰੈਲੀ ਕੀਤੀ ਜਾਵੇਗੀ। ਇਸ ਰੈਲੀ ਰਾਹੀਂ ਪਾਰਟੀ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਚੋਣ ਪ੍ਰਕਿਰਿਆ ਵਿੱਚ ਕਥਿਤ ਵੋਟ ਚੋਰੀ ਦੇ ਮੁੱਦੇ ਨੂੰ ਉਠਾਉਂਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾਏਗੀ।
ਪਾਰਟੀ ਸੂਤਰਾਂ ਮੁਤਾਬਕ, ਇਸ ਰੈਲੀ ਦਾ ਮੁੱਖ ਮਕਸਦ ਸੰਵਿਧਾਨ ਦੀ ਰੱਖਿਆ ਦਾ ਸੰਦੇਸ਼ ਦੇਣ ਦੇ ਨਾਲ-ਨਾਲ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਅਤੇ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਨੂੰ ਲੈ ਕੇ ਸਵਾਲ ਉਠਾਉਣਾ ਹੈ।
ਦੋਵਾਂ ਸਰਕਾਰਾਂ ਖ਼ਿਲਾਫ਼ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ
ਕਾਂਗਰਸ ਦੀ ਇਸ ਰੈਲੀ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਜਾਵੇਗਾ। ਪਾਰਟੀ ਵੱਲੋਂ ਪੰਜਾਬ ਸਰਕਾਰ ਨੂੰ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਦੇ ਮੁੱਦੇ ‘ਤੇ ਘੇਰਿਆ ਜਾਵੇਗਾ, ਜਦਕਿ ਕੇਂਦਰ ਸਰਕਾਰ ਖ਼ਿਲਾਫ਼ ਕਥਿਤ ਵੋਟ ਚੋਰੀ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾਵੇਗਾ।
ਸਚਿਨ ਪਾਇਲਟ ਸਮੇਤ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਹੋਵੇਗੀ ਸ਼ਾਮਲ
ਇਹ ਰੈਲੀ ਅੰਮ੍ਰਿਤਸਰ ਦੇ ਗ੍ਰੈਂਡ ਟਰੰਕ ਰੋਡ ‘ਤੇ ਦੁਪਹਿਰ 12:30 ਵਜੇ ਸ਼ੁਰੂ ਹੋਵੇਗੀ। ਇਸ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਣਗੇ। ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ, ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਰਹਿਣਗੇ।
ਰੈਲੀ ਦੌਰਾਨ ਕਾਂਗਰਸੀ ਆਗੂ ਸੰਵਿਧਾਨ ਦੀ ਰੱਖਿਆ, ਨਸ਼ਿਆਂ ਦੀ ਸਮੱਸਿਆ ਅਤੇ ਚੋਣ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਵਰਗੇ ਮੁੱਦਿਆਂ ‘ਤੇ ਆਪਣੇ ਵਿਚਾਰ ਰੱਖਣਗੇ।

