ਚੰਡੀਗੜ੍ਹ/ਅੰਮ੍ਰਿਤਸਰ, 1 ਅਗਸਤ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਦੋ ਵੱਖ-ਵੱਖ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸੱਤ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਿੰਡ ਭਗਵਾਨਪੁਰਾ, ਤਰਨਤਾਰਨ ਦੇ ਸਿਕੰਦਰਜੀਤ ਸਿੰਘ (19); ਅੰਤਰਜਾਮੀ ਕਲੋਨੀ, ਅੰਮ੍ਰਿਤਸਰ ਦੇ ਪ੍ਰਦੀਪ ਸਿੰਘ ਉਰਫ਼ ਬੱਬਲ (43); ਨਿਊ ਸ਼ਹੀਦ ਊਧਮ ਸਿੰਘ ਨਗਰ, ਅੰਮ੍ਰਿਤਸਰ ਦੇ ਜਰਨੈਲ ਸਿੰਘ (34) ਵਜੋਂ ਹੋਈ ਹੈ। ਇਸ ਦੇ ਨਾਲ ਹੀ ਤਰਨਤਾਰਨ ਦੇ ਰਹਿਣ ਵਾਲੇ ਇੱਕ 17 ਸਾਲਾ ਨਾਬਾਲਗ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਦੋ ਗਲੌਕ ਪਿਸਤੌਲ,.30 ਬੋਰ ਦੇ ਚਾਰ ਸਟਾਰ ਪਿਸਤੌਲ, ਇੱਕ .32 ਬੋਰ ਪਿਸਤੌਲ ਅਤੇ ਛੇ ਜ਼ਿੰਦਾ ਕਾਰਤੂਸ ਸ਼ਾਮਲ ਹਨ। ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ, ਜਿਸਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰ ਰਹੇ ਸਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਅੰਤਰਰਾਸ਼ਟਰੀ ਸਰਹੱਦ ਨੇੜਿਓਂ ਹਥਿਆਰਾਂ ਦੀ ਖੇਪ ਹਾਸਲ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਅੰਤਰ-ਗਿਰੋਹ ਦੁਸ਼ਮਣੀਆਂ ਨੂੰ ਭੜਕਾਉਣ ਅਤੇ ਖਿੱਤੇ ਵਿੱਚ ਸ਼ਾਂਤੀ ਭੰਗ ਕਰਨ ਲਈ ਕੀਤੀ ਜਾਣੀ ਸੀ।
ਡੀਜੀਪੀ ਨੇ ਕਿਹਾ ਕਿ ਇਸ ਸਬੰਧੀ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਹਥਿਆਰਾਂ ਦੀ ਤਸਕਰੀ ਦੇ ਇਸ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।
ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਿਕੰਦਰ ਅਤੇ 17 ਸਾਲਾ ਨਾਬਾਲਗ, ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦਾ ਘਰ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਹੈ ਅਤੇ ਨਿਰਧਾਰਤ ਸਥਾਨਾਂ ‘ਤੋਂ ਡਰੋਨ ਰਾਹੀਂ ਸੁੱਟੀਆਂ ਖੇਪਾਂ ਪ੍ਰਾਪਤ ਕਰਦੇ ਸਨ।
ਦੂਜੇ ਮਾਡਿਊਲ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮ ਪਰਦੀਪ ਅਤੇ ਜਰਨੈਲ ਮ੍ਰਿਤਕ ਰਵਨੀਤ ਸਿੰਘ ਉਰਫ਼ ਸੋਨੂੰ ਮੋਟਾ, ਜਿਸਦੀ ਜੱਗੂ ਭਗਵਾਨਪੁਰੀਆ ਗੈਂਗ ਨਾਲ ਦੁਸ਼ਮਣੀ ਸੀ, ਦੇ ਸਾਥੀ ਹਨ। ਉਨ੍ਹਾਂ ਕਿਹਾ ਕਿ ਇਹ ਹਥਿਆਰ ਪਾਕਿਸਤਾਨੀ ਤਸਕਰਾਂ ਤੋਂ ਪ੍ਰਾਪਤ ਕੀਤੇ ਗਏ ਆਧੁਨਿਕ ਪਿਸਤੌਲ ਹਨ ਅਤੇ ਮ੍ਰਿਤਕ ਸੋਨੂੰ ਮੋਟਾ ਨੇ ਆਪਣੀ ਮੌਤ ਤੋਂ ਪਹਿਲਾਂ ਉਨ੍ਹਾਂ ਨੂੰ ਇਹ ਸੌਂਪੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹਥਿਆਰਾਂ ਦੀ ਬਰਾਮਦਗੀ ਨਾਲ ਇਲਾਕੇ ਵਿੱਚ ਵੱਡੀ ਅਪਰਾਧਿਕ ਕਾਰਵਾਈ ਨੂੰ ਟਾਲਣ ਵਿੱਚ ਸਫ਼ਲਤਾ ਮਿਲੀ ਹੈ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ ਦੋ ਵੱਖ-ਵੱਖ ਮਾਮਲੇ- ਪੁਲਿਸ ਥਾਣਾ ਗੇਟ ਹਕੀਮਾ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25(7) ਅਤੇ 27 ਅਧੀਨ ਐਫਆਈਆਰ ਨੰ. 187 ਮਿਤੀ 26.07.2025 ਅਤੇ ਪੁਲਿਸ ਥਾਣਾ ਬੀ-ਡਵੀਜ਼ਨ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਐਫਆਈਆਰ ਨੰ. 160 ਮਿਤੀ 29.07.2025 ਦਰਜ ਕੀਤੇ ਗਏ ਹਨ।