ਅਮਰਾਵਤੀ – ਆਂਧਰਾ ਪ੍ਰਦੇਸ਼ ਰਾਜ ਆਫਤ ਪ੍ਰਬੰਧਨ ਅਥਾਰਿਟੀ ਦੇ ਪ੍ਰਬੰਧ ਨਿਰਦੇਸ਼ਕ ਪ੍ਰਖਰ ਜੈਨ ਨੇ ਦੱਸਿਆ ਕਿ ਚੱਕਰਵਾਤੀ ਤੂਫਾਨ ‘ਮੋਂਥਾ’ ਦੇ ਸਮੁੰਦਰੀ ਕੰਢੇ ਨਾਲ ਟਕਰਾਉਣ ਦੀ ਸ਼ੁਰੂਆਤ ਹੋ ਗਈ ਹੈ ਅਤੇ ਇਸ ਦੇ ਇਕ ਗੰਭੀਰ ਚੱਕਰਵਾਤੀ ਤੂਫਾਨ ’ਚ ਬਦਲਣ ਦਾ ਖਦਸ਼ਾ ਹੈ। ਸਮੁੰਦਰੀ ਕੰਢੇ ਦੇ ਜ਼ਿਲ੍ਹਿਆਂ ’ਚ ਮੀਂਹ ਅਤੇ ਤੇਜ਼ ਹਨ੍ਹੇਰੀ ਚੱਲ ਰਹੀ ਹੈ
। ਜਿਵੇਂ-ਜਿਵੇਂ ਇਹ ਤੂਫਾਨ ਜ਼ਮੀਨ ਦੇ ਕੋਲ ਪਹੁੰਚੇਗਾ, ਹੋਰ ਤੇਜ਼ ਹੁੰਦਾ ਜਾਵੇਗਾ। ਭਾਰਤੀ ਮੌਸਮ ਵਿਭਾਗ (ਆਈ. ਐੱਮ. ਡੀ.) ਨੇ 3 ਸੂਬਿਆਂ- ਓਡਿਸ਼ਾ, ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਲਈ ਰੈੱਡ ਅਲਰਟ ਜਾਰੀ ਕੀਤਾ ਹੈ, ਜਿੱਥੇ 28-29 ਅਕਤੂਬਰ ਨੂੰ ਬਹੁਤ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਹਵਾ ਦੀ ਰਫ਼ਤਾਰ 110 ਕਿ. ਮੀ. ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ,
ਜਿਸ ਨਾਲ ਦਰਖਤ ਉੱਖੜਣ ਅਤੇ ਹੜ੍ਹ ਦਾ ਖ਼ਤਰਾ ਹੈ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਚੱਕਰਵਾਤੀ ਤੂਫਾਨ ‘ਮੋਂਥਾ’ ਦੇ ਮੱਦੇਨਜ਼ਰ ਉਨ੍ਹਾਂ ਥਾਵਾਂ ’ਤੇ ਸਾਵਧਾਨੀ ਵਜੋਂ ਕਦਮ ਚੁੱਕਣ ਦਾ ਹੁਕਮ ਦਿੱਤਾ, ਜਿੱਥੇ ਮੀਂਹ ਅਤੇ ਹੜ੍ਹ ਦਾ ਖਦਸ਼ਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਨਾਇਡੂ ਨਾਲ ਫੋਨ ’ਤੇ ਗੱਲ ਕੀਤੀ ਅਤੇ ਤੂਫਾਨ ਬਾਰੇ ਜਾਣਕਾਰੀ ਲਈ। ਇਸ ਤੋਂ ਬਾਅਦ ਸੂਚਨਾ ਤਕਨੀਕੀ ਮੰਤਰੀ ਨਾਰਾ ਲੋਕੇਸ਼ ਨੂੰ ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਨਾਲ ਤਾਲਮੇਲ ਕਰਨ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਨੇ ਚੱਕਰਵਾਤ ਨੂੰ ਲੈ ਕੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ

