ਜਲੰਧਰ –ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਜ਼ਿਲ੍ਹੇ ਵਿਚ ਫ਼ਸਲ ਦੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਦਾ ਜਾਇਜ਼ਾ ਲੈਂਦੇ ਹੋਏ ਸਾਰੇ ਕਲੱਸਟਰ ਅਤੇ ਨੋਡਲ ਅਧਿਕਾਰੀਆਂ ਨੂੰ ਸ਼ਾਮ ਤਕ ਆਪਣੇ ਅਲਾਟ ਇਲਾਕਿਆਂ ਵਿਚ ਹਾਜ਼ਰ ਰਹਿਣ ਦੇ ਨਿਰਦੇਸ਼ ਦਿੱਤੇ ਤਾਂ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਐਡੀਸ਼ਨਲ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਸਮੂਹ ਐੱਸ. ਡੀ. ਐੱਮਜ਼, ਖੇਤੀਬਾੜੀ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਵਿਚ ਕਿਹਾ ਕਿ ਆਉਣ ਵਾਲੇ ਕੁਝ ਦਿਨ ਬਹੁਤ ਮਹੱਤਵਪੂਰਨ ਹਨ ਅਤੇ ਸਖ਼ਤ ਨਿਗਰਾਨੀ ਨਾਲ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਉਨ੍ਹਾਂ ਪਰਾਲੀ ਸਾੜਨ ਦੇ ਮਾਮਲਿਆਂ ’ਤੇ ਰੋਕ ਲਾਉਣ ਲਈ ਸਾਰੇ ਕਲੱਸਟਰ ਅਤੇ ਨੋਡਲ ਅਧਿਕਾਰੀਆਂ ਨੂੰ ਫੀਲਡ ਵਿਚ ਜ਼ਿਆਦਾ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ।ਡਾ. ਅਗਰਵਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਅੱਗ ਲੱਗਣ ਦੀ ਕੋਈ ਘਟਨਾ ਸਾਹਮਣੇ ਆਉਂਦੀ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਾਰੇ ਉਪ ਮੰਡਲ ਮੈਜਿਸਟਰੇਟਾਂ ਨੂੰ ਆਪਣੇ-ਆਪਣੇ ਇਲਾਕੇ ਵਿਚ ਕਲੱਸਟਰ ਅਤੇ ਨੋਡਲ ਅਧਿਕਾਰੀਆਂ ਦੀਆਂ ਸਰਗਰਮੀਆਂ ’ਤੇ ਨਜ਼ਰ ਰੱਖਣ ਦਾ ਵੀ ਨਿਰਦੇਸ਼ ਦਿੱਤਾ।