ਪਟਿਆਲਾ- ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ‘ਤੇ ਬੈਠੇ ਨੂੰ 23 ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 24ਵਾਂ ਦਿਨ ਹੈ ਉਥੇ ਹੀ ਜਗਜੀਤ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਦੂਜੇ ਪਾਸੇ ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਅੱਜ ਮੁੜ ਸੁਣਵਾਈ ਹੋਵੇਗੀ, ਜਿਸ ਵਿਚ ਕਿਸਾਨ ਪੇਸ਼ ਹੋ ਕੇ ਆਪਣਾ ਪੱਖ ਰੱਖਣਗੇ। ਜਗਜੀਤ ਸਿੰਘ ਡੱਲੇਵਾਲ ਵੀ ਸੁਪਰੀਮ ਕੋਰਟ ਵਿਚ ਵੀਡੀਓ ਕਾਨਫ਼ਰੰਸ ਜ਼ਰੀਏ ਪੇਸ਼ ਹੋਣਗੇ ਅਤੇ ਆਪਣੇ ਪੱਖ ਰੱਖਣਗੇ।
ਕਿਸਾਨੀ ਮੰਗਾਂ ਲਈ ਮਰਨ ਵਰਤ ‘ਤੇ ਖਨੌਰੀ ਬਾਰਡਰ ‘ਤੇ ਬੈਠੇ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਖ਼ਰਾਬ ਹੋ ਗਈ ਹੈ। ਇਸ ਤੋਂ ਬਾਅਦ ਉੱਥੇ ਸਤਿਨਾਮ ਵਾਹਿਗੁਰੂ ਦਾ ਜਾਪ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਮੈਡੀਕਲ ਟੀਮ ਵਿੱਚ ਘਬਰਾਹਟ ਵੇਖਣ ਨੂੰ ਮਿਲ ਰਹੀ ਹੈ। ਇਸ ਮੌਕੇ ਖਨੌਰੀ ਮੋਰਚੇ ਉੱਪਰ ਡਟੇ ਕਿਸਾਨ ਆਗੂ ਵੱਲੋਂ ਹੰਗਾਮੀ ਮੀਟਿੰਗ ਕੀਤੀ ਗਈ ਹੈ। ਦੱਸ ਦਈਏ ਕਿ ਫਾਈਵ ਰੀਵਰ ਹਾਰਟ ਐਸੋਸੀਏਸ਼ਨ ਦੇ ਡਾਕਟਰਾਂ ਦੀ ਟੀਮ ਵਲੋਂ ਲਗਾਤਾਰ ਚੈੱਕਅਪ ਕੀਤਾ ਜਾ ਰਿਹਾ ਹੈ।