ਜਲੰਧਰ – ਜਲੰਧਰ ਵਿੱਚ 3 ਦਿਨਾਂ ਤੋਂ ਲਾਪਤਾ 20 ਸਾਲਾ ਨੌਜਵਾਨ ਦੀ ਲਾਸ਼ ਦਰੱਖ਼ਤ ਨਾਲ ਲਟਕਦੀ ਮਿਲੀ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ-7 ਅਧੀਨ ਵਾਰਡ ਨੰਬਰ 18 ਦੇ ਨੇੜੇ ਲੰਘਦੀ ਰੇਲਵੇ ਲਾਈਨ ਦੇ ਨੇੜੇ ਇਕ ਦਰੱਖ਼ਤ ਨਾਲ ਲਟਕਦੀ ਪ੍ਰਵਾਸੀ ਦੀ ਲਾਸ਼ ਮਿਲਣ ‘ਤੇ ਇਲਾਕਾ ਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਿਸ ਤੋਂ ਬਾਅਦ ਲੋਕਾਂ ਨੇ ਘਟਨਾ ਦੀ ਜਾਣਕਾਰੀ ਪੁਲਸ ਨੂੰ ਦਿੱਤੀ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਰਿਸ਼ਤੇਦਾਰਾਂ ਨੂੰ ਸੂਚਿਤ ਕੀਤਾ। ਮ੍ਰਿਤਕ ਦੀ ਪਛਾਣ 20 ਸਾਲਾ ਰਾਹੁਲ ਵਜੋਂ ਹੋਈ ਹੈ। ਪਰਿਵਾਰ ਕਿਸੇ ਤਰ੍ਹਾਂ ਜਲੰਧਰ ਵਿੱਚ ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਕਰਦਾ ਸੀ।
ਮੌਕੇ ‘ਤੇ ਪਹੁੰਚੇ ਪਰਿਵਾਰ ਨੇ ਲੜਕੀ ‘ਤੇ ਦੋਸ਼ ਲਗਾਏ ਹਨ। ਪਰਿਵਾਰ ਦਾ ਦੋਸ਼ ਹੈ ਕਿ ਇਕ ਕੁੜੀ ਉਨ੍ਹਾਂ ਦੇ ਬੇਟੇ ਨੂੰ ਫੋਨ ਕਰਦੀ ਸੀ। ਜਦੋਂ ਉਕਤ ਕੁੜੀ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਦੱਸਿਆ ਗਿਆ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਬੇਟੇ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਸ ਕਾਰਨ ਉਨ੍ਹਾਂ ਦਾ ਬੇਟਾ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਸੀ। ਅੱਜ ਦੁਪਹਿਰ ਉਸ ਦੀ ਲਾਸ਼ ਰੇਲਵੇ ਲਾਈਨ ਨੇੜੇ ਇਕ ਦਰੱਖ਼ਤ ਨਾਲ ਲਟਕਦੀ ਮਿਲੀ।
ਥਾਣਾ ਡਿਵੀਜ਼ਨ ਨੰਬਰ-7 ਦੀ ਪੁਲਿਸ ਜਾਂਚ ਲਈ ਮੌਕੇ ‘ਤੇ ਪਹੁੰਚੀ। ਉਨ੍ਹਾਂ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ। ਪਰਿਵਾਰ ਨੇ ਮਾਮਲੇ ਵਿੱਚ ਕੁੜੀ ਦੇ ਪਰਿਵਾਰ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ।