ਅੱਜ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਦੇ ਨਜ਼ਦੀਕੀ ਪਿੰਡਾਂ ਦੀਆਂ ਮੰਡੀਆਂ ਦਾ ਦੌਰਾ ਕੀਤਾ ਗਿਆ, ਜਿੱਥੇ ਉਨਾਂ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਖਰੀਦ ਪ੍ਰਬੰਧਾਂ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਨਾਲ ਹੀ ਭਾਜਪਾ ਦੀ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਬਦਲੇ ਦੀ ਨੀਤੀ ਨਾਲ ਕੀਤੇ ਜਾ ਰਹੇ ਕੰਮਾਂ ਕਾਰਨ ਇਸ ਵਾਰ ਦੀ ਝੋਨੇ ਦੀ ਖਰੀਦ ਲੇਟ ਹੋਈ ਹੈ। ਪਰ ਪੰਜਾਬ ਸਰਕਾਰ ਵੱਲੋਂ ਬਹੁਤ ਹੀ ਸੰਜੀਦਾ ਢੰਗ ਨਾਲ ਇਸ ਨੂੰ ਨਜਿੱਠਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਉਹਨਾਂ ਨੇ ਮੰਡੀਆਂ ਵਿੱਚ ਖਰੀਦ ਕਰਨ ਵਾਲੇ ਆੜਤੀਆਂ, ਲਿਫਟਿੰਗ ਕਰਨ ਵਾਲੇ ਟਰਾਂਸਪੋਰਟਾਂ, ਮੰਡੀਆਂ ਦੀ ਲੇਬਰ ਅਤੇ ਹੋਰ ਵਰਕਰਾਂ ਦੀ ਤਾਰੀਫ ਕੀਤੀ, ਜਿਨਾਂ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਸਹਿਯੋਗ ਦਿੱਤਾ ਜਾ ਰਿਹਾ ਹੈ। ਸਪੀਕਰ ਨੇ ਕੇਂਦਰ ਸਰਕਾਰ ’ਤੇ ਦੋਸ਼ ਲਗਾਉਂਦੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੇਤੀ ਸੈਕਟਰ ਨੂੰ ਆਪਣੇ ਸਾਥੀਆਂ ਕਾਰਪੋਰੇਟ ਘਰਾਨਿਆਂ ਨੂੰ ਸੋਪਣਾ ਚਾਹੁੰਦੇ ਸਨ ਪਰ ਕਿਸਾਨਾਂ ਵੱਲੋਂ ਅਤੇ ਹੋਰ ਲੋਕਾਂ ਵੱਲੋਂ ਖੇਤੀ ਪ੍ਰਤੀ ਲਿਆਂਦੇ ਗਏ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜੋ ਯਤਨ ਕੀਤੇ ਗਏ, ਕਿਤੇ ਨਾ ਕਿਤੇ ਉਸ ਤੋਂ ਨਰਾਜ਼ ਕੇਂਦਰ ਸਰਕਾਰ ਪੰਜਾਬ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੀ ਹੈ, ਪਰ ਪੰਜਾਬ ਸਰਕਾਰ ਬਹੁਤ ਹੀ ਸੁਚੱਜੇ ਢੰਗ ਨਾਲ ਫਸਲਾਂ ਦੀ ਖਰੀਦ ਕਰਕੇ ਕਿਸਾਨਾਂ ਦਾ ਇੱਕ ਇੱਕ ਦਾਣਾ ਮੰਡੀ ਵਿੱਚੋਂ ਚੁੱਕੇਗੀ।