ਚੰਡੀਗੜ੍ਹ : ਪੰਜਾਬ ਕਾਂਗਰਸ ਵਲੋਂ ਤਿੰਨ ਹਫਤਿਆਂ ਲਈ ਪੰਚਾਇਤੀ ਚੋਣਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਕਾਂਗਰਸੀ ਆਗੂਆਂ ਦੇ ਵਫਦ ਵਲੋਂ ਅੱਜ ਸੂਬਾ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਕੇ ਇਹ ਮੰਗ ਕੀਤੀ ਗਈ ਹੈ ਕਿ ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ‘ਤੇ ਤਿੰਨ ਹਫਤਿਆਂ ਤਕ ਰੋਕ ਲਗਾਈ ਜਾਵੇ। ਕਾਂਗਰਸੀ ਆਗੂਆਂ ਦਾ ਦੋਸ਼ ਹੈ ਕਿ ਚੋਣਾਂ ਵਿਚ ਵੱਡੇ ਪੱਧਰ ‘ਤੇ ਫਰਜ਼ੀਵਾੜਾ ਹੋਇਆ ਹੈ, ਜਿਸ ਕਾਰਣ ਲੋਕਾਂ ਨਾਲ ਧੱਕਾ ਹੋਇਆ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਚੋਣਾਂ ਰੱਦ ਕਰਨ ਦੀ ਮੰਗ ਨਹੀਂ ਕਰ ਰਹੇ ਹਾਂ। ਅਸੀਂ ਤਿੰਨ ਹਫਤਿਆਂ ਤਕ ਸਾਰੀ ਚੋਣ ਪ੍ਰਕਿਰਿਆ ਨੂੰ ਮੁਲਤਵੀ ਕੀਤੇ ਜਾਣ ਦੀ ਮੰਗ ਕੀਤੀ ਹੈ ਕਿਉਂਕਿ ਇਸ ਮਾਮਲੇ ਵਿਚ ਕਈ ਜਗ੍ਹਾ ਹਾਈਕੋਰਟ ਨੇ ਚੋਣ ਪ੍ਰਕਿਰਿਆ ‘ਤੇ ਰੋਕ ਲਗਾ ਦਿੱਤੀ ਹੈ।