ਫ਼ਤਿਹਗੜ੍ਹ ਸਾਹਿਬ – ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਵਰਗੀ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਪਹਿਲੀ ਜਨਮ ਸ਼ਤਾਬਦੀ 24 ਸਤੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਟੌਹੜਾ, ਜ਼ਿਲ੍ਹਾ ਪਟਿਆਲਾ ਵਿਖੇ ਮਨਾਈ ਜਾ ਰਹੀ ਹੈ। ਇਸ ਦੀਆਂ ਤਿਆਰੀਆਂ ਨੂੰ ਲੈ ਕੇ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਵਿਚ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਸੀਨੀਅਰ ਅਕਾਲੀ ਆਗੂ ਅਮਰਿੰਦਰ ਸਿੰਘ ਲਿਬੜਾ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ।
ਇਸ ਮੌਕੇ ਬੋਲਦਿਆਂ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਗਈ ਹੈ ਕਿ ਬਰਸੀ ਵਾਲੇ ਦਿਨ ਰਾਜ ਪੱਧਰੀ ਛੁੱਟੀ ਕੀਤੀ ਜਾਵੇ। ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਜਥੇਦਾਰ ਟੌਹੜਾ ਦੇਸ਼ ਦੇ ਇਕ ਕੌਮੀ ਪੱਧਰ ਦੇ ਲੀਡਰ ਰਹੇ ਹਨ, ਤੇ ਲੰਮਾ ਸਮਾਂ ਕੇਂਦਰ ਵਿਚ ਪਾਰਲੀਮੈਂਟ ਵਿਚ ਦਿੱਤਾ ਹੈ। ਇਸ ਲਈ ਕੇਂਦਰ ਸਰਕਾਰ ਵੱਲੋਂ ਵੀ ਇਨ੍ਹਾਂ 100 ਸਾਲਾ ਜਨਮ ਸ਼ਤਾਬਦੀ ਵਿਚ ਹਿੱਸਾ ਪਾਉਣਾ ਚਾਹੀਦਾ ਹੈ।