ਚੰਡੀਗੜ੍ਹ/ਜਲੰਧਰ : ‘ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਪਿੰਡਾਂ ਦਾ ਦੌਰਾ ਕਰ ਕੇ ਵਾਸੀਆਂ ਨਾਲ ਸਿੱਧੇ ਤੌਰ ’ਤੇ ਗੱਲਬਾਤ ਕਰਨਗੇ, ਉਨ੍ਹਾਂ ਨੂੰ ਆਪਣੀਆਂ ਸ਼ਿਕਾਇਤਾਂ ਸੁਣਨ ਲਈ ਪਲੇਟਫਾਰਮ ਪ੍ਰਦਾਨ ਕਰਨਗੇ ਤੇ ਪਿੰਡ ਪੱਧਰ ਦੇ ਸਰਕਾਰੀ ਮੁਲਾਜ਼ਮਾਂ ਦੀ ਕਾਰਗੁਜ਼ਾਰੀ ’ਤੇ ਖ਼ੁਦ ਫੀਡਬੈਕ ਇਕੱਤਰ ਕਰਨਗੇ। ਇਹ ਪ੍ਰਗਟਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਵਨ ’ਚ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਅਧਿਕਾਰ ਖੇਤਰਾਂ ’ਚ ਪੈਂਦੇ ਪਿੰਡਾਂ ਦਾ ਨਿਯਮਤ ਦੌਰਾ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਹਫ਼ਤੇ ਦੇ ਚਾਰ ਦਿਨ ਸ਼ਨੀਵਾਰ, ਐਤਵਾਰ, ਸੋਮਵਾਰ ਤੇ ਮੰਗਲਵਾਰ ਨੂੰ ਇਸ ਕੰਮ ਲਈ ਸਮਰਪਿਤ ਕਰਨਗੇ। ਇਨ੍ਹਾਂ ਦੌਰਿਆਂ ਦੌਰਾਨ ਅਧਿਕਾਰੀਆਂ ਨੂੰ ਹਰ ਰੋਜ਼ ਤਿੰਨ ਤੋਂ ਚਾਰ ਪਿੰਡਾਂ ਨੂੰ ਕਵਰ ਕਰਨ ਤੇ ਦੋ ਤੋਂ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਉਨ੍ਹਾਂ ਦੇ ਅਧਿਕਾਰ ਖੇਤਰ ’ਚ ਪੈਂਦੇ ਸਾਰੇ ਪਿੰਡਾਂ ਦਾ ਦੌਰਾ ਕਰਨ ਲਈ ਕਿਹਾ ਗਿਆ ਹੈ।