ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਬਠਿੰਡਾ ਪਹੁੰਚੇ। ਜਿੱਥੇ ਉਨ੍ਹਾਂ ਨੇ ‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਲਈ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਕੇਜਰੀਵਾਲ ਨੇ ਬਠਿੰਡਾ ਵਿੱਚ ਵਿਸ਼ਾਲ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਝਾੜੂ ਦਾ ਬਟਨ ਦਬਾ ਕੇ ਗੁਰਮੀਤ ਖੁੱਡੀਆਂ ਨੂੰ ਜਿਤਾਉਣ ਦੀ ਅਪੀਲ ਕੀਤੀ।
ਇੱਥੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਵਿਰੋਧੀ ਧਿਰ ਦੀ ਨੇਤਾ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਦੀ ਗ਼ਲਤੀ ਇਸ ਵਾਰ ਨਾ ਦੁਹਰਾਇਓ। ਤੁਸੀਂ ਹਰਸਿਮਰਤ ਕੌਰ ਬਾਦਲ ਨੂੰ ਜਿਤਾ ਤਾਂ ਦਿੱਤਾ ਪਰ ਫਿਰ ਉਹ ਕਦੇ ਹਲਕੇ ਵਿੱਚ ਨਜ਼ਰ ਨਹੀਂ ਆਈ। ਗੁਰਮੀਤ ਖੁੱਡੀਆਂ ਤੁਹਾਡਾ ਆਪਣਾ ਹੈ। ਜੋ 24 ਘੰਟੇ ਤੁਹਾਡੇ ਨਾਲ ਰਹੇਗਾ ਅਤੇ ਤੁਹਾਡਾ ਕੰਮ ਕਰੇਗਾ।
ਇਸ ਦੇ ਨਾਲ ਹੀ ਕੇਜਰੀਵਾਲ ਨੇ ਕਿਹਾ ਕਿ ਇਹ ਚੋਣ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਚੋਣ ਹੈ। ਤਾਨਾਸ਼ਾਹੀ ਨੂੰ ਖ਼ਤਮ ਕਰਨ ਦੀ ਚੋਣ ਹੈ। 2020 ਵਿੱਚ ਕਿਸਾਨ ਅੰਦੋਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਵਿੱਚ ਵੜਨ ਨਹੀਂ ਦਿੱਤਾ। ਇਸ ਵਾਰ ਅਜਿਹਾ ਬਟਨ ਦਬਾਓ ਕਿ ਮੋਦੀ ਦਿੱਲੀ ਦੀ ਸੱਤਾ ਤੋਂ ਹੀ ਬਾਹਰ ਹੋ ਜਾਵੇ। ਇਸ ਚੋਣ ਵਿੱਚ ਨਰਿੰਦਰ ਮੋਦੀ ਤੋਂ ਕਿਸਾਨ ਅੰਦੋਲਨ ਦਾ ਬਦਲਾ ਲੈਣਾ ਹੈ।
ਇਸ ਤੋ ਇਲਾਵਾ ਕੇਜਰੀਵਾਲ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਉਪਲੱਬਧੀਆਂ ਗਿਣਵਾਈਆਂ। ਉਨ੍ਹਾਂ ਕਿਹਾ ਕਿ ਤੁਸੀਂ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਚੁਣੀ ਸੀ। ਇਸੇ ਕਾਰਨ ਅੱਜ ਪੰਜਾਬ ਵਿੱਚ ਮੁਫ਼ਤ ਅਤੇ 24 ਘੰਟੇ ਬਿਜਲੀ ਮਿਲ ਰਹੀ ਹੈ। 83 ਫ਼ੀਸਦੀ ਲੋਕਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਵੱਖ-ਵੱਖ ਥਾਵਾਂ ‘ਤੇ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ ਅਤੇ ਸਰਕਾਰੀ ਹਸਪਤਾਲਾਂ ਦੀ ਹਾਲਤ ਸੁਧਰ ਰਹੀ ਹੈ। ਚੰਗੀ ਸਿੱਖਿਆ ਲਈ ਸਕੂਲ ਆਫ਼ ਐਮਿਨੈਂਸ ਬਣਾਏ ਜਾ ਰਹੇ ਹਨ। 50 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮਿਲੀ ਅਤੇ ਹਜ਼ਾਰਾਂ ਕੱਚੇ ਮੁਲਾਜ਼ਮ ਪੱਕੇ ਕੀਤੇ ਗਏ ਹਨ।