ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆ ਦੇ ਮੰਤਰੀ ਡਾ. ਰਵਜੋਤ ਸਿੰਘ ਮੰਤਰੀ ਬਣਨ ਤੋਂ ਬਾਅਦ ਸੋਮਵਾਰ ਨੂੰ ਪਹਿਲੀ ਵਾਰ ਲੁਧਿਆਣਾ ਪਹੁੰਚੇ, ਜਿੱਥੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਨਗਰ ਨਿਗਮ ਲੁਧਿਆਣਾ ਵੱਲੋਂ ਸਥਾਨਕ ਸਰਕਟ ਹਾਊਸ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡਚਲਵਾਲ ਨੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਸਵਾਗਤ ਕੀਤਾ। ਇਸ ਦੇ ਨਾਲ ਹੀ ਇਸ ਦੌਰਾਨ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੀ ਮੌਜੂਦ ਰਹੇ।
ਇਸ ਤੋਂ ਬਾਅਦ ਕੈਬਨਿਟ ਮੰਤਰੀ ਨੇ ਸਰਕਟ ਹਾਊਸ ਵਿਖੇ ਪੰਜਾਬ ਪੁਲਿਸ ਵੱਲੋਂ ਦਿੱਤੇ ਗਾਰਡ ਆਫ਼ ਆਨਰ ਤੋਂ ਸਲਾਮੀ ਵੀ ਲਈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਥਾਨਕ ਵਿਧਾਇਕਾਂ, ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ ਸਮੇਤ ਹੋਰ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਕੀਤੀ ਅਤੇ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਵਿੱਚ ਕੈਬਨਿਟ ਮੰਤਰੀ ਨੇ ਸਥਾਨਕ ਵਿਧਾਇਕਾਂ ਅਤੇ ਸੀਨੀਅਰ ਅਧਿਕਾਰੀਆਂ ਦੇ ਨਾਲ ਸੋਮਵਾਰ ਨੂੰ ਪੁਰਾਣੇ ਸ਼ਹਿਰ ਦੇ ਖੇਤਰਾਂ ਵਿੱਚ ਆਯੋਜਿਤ ਭਗਵਾਨ ਵਾਲਮੀਕਿ ਸ਼ੋਭਾ ਯਾਤਰਾ ਵਿੱਚ ਵੀ ਸ਼ਿਰਕਤ ਕੀਤੀ।
ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਆਖਿਆ ਕਿ ਲੋਕਾਂ ਨੂੰ ਜੋ ਵੀ ਮੁਸ਼ਕਿਲਾਂ ਆ ਰਹੀਆਂ ਹਨ, ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਪੰਚਾਇਤੀ ਚੋਣਾਂ ਨੂੰ ਲੈ ਕੇ ਉਨ੍ਹਾਂ ਸਰਬਸੰਮਤੀਆਂ ਨਾਲ ਹੋਈਆਂ ਚੋਣਾਂ ਦੇ ਅੰਕੜੇ ਵੀ ਸਾਂਝੇ ਕੀਤੇ। ਇਸ ਤੋਂ ਇਲਾਵਾ ਨਗਰ ਨਿਗਮ ਚੋਣਾਂ ’ਤੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੂਰੀ ਤਿਆਰੀ ਪਰ ਇਹ ਫੈਸਲਾ ਮਾਨਯੋਗ ਹਾਈਕੌਰਟ ਦੇ ਅਧੀਨ ਹੈ, ਜਿਵੇਂ ਹੀ ਫੈਸਲਾ ਆਵੇਗਾ, ਚੋਣਾਂ ਕਰਵਾਈਆਂ ਜਾਣਗੀਆਂ।