ਚੰਡੀਗੜ, 27 ਜੂਨ – ਅੰਤਰਰਾਸ਼ਟਰੀ ਨਸ਼ਾ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਸ਼ਨੀਵਾਰ ਨੂੰ ਚੰਡੀਗੜ੍ਹ ਨਗਰ ਨਿਗਮ ਵਿੱਚ ਵਿਸ਼ੇਸ਼ ਸਦਨ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਪ੍ਰਸ਼ਾਸਕ Gulab Chand Kataria ਨੇ ਪੰਜਾਬ ਵਿੱਚ ਵਧ ਰਹੀ ਨਸ਼ਿਆਂ ਦੀ ਸਮੱਸਿਆ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ।
ਕਟਾਰੀਆ ਨੇ ਕਿਹਾ ਕਿ ਪੰਜਾਬ ਉਹ ਧਰਤੀ ਹੈ ਜਿਸ ਨੇ ਦੇਸ਼ ਨੂੰ ਸਭ ਤੋਂ ਵੱਧ ਜਵਾਨ, ਸ਼ਹੀਦ ਅਤੇ ਖਿਡਾਰੀ ਦਿੱਤੇ ਹਨ, ਪਰ ਅੱਜ ਇਹੀ ਪੰਜਾਬ ਨਸ਼ਿਆਂ ਦੇ ਸੰਕਟ ਨਾਲ ਜੂਝ ਰਿਹਾ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਲੜਾਈ ਸਿਰਫ਼ ਸਰਕਾਰ ਜਾਂ ਪੁਲਿਸ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ।
ਸਰਹੱਦੀ ਜ਼ਿਲ੍ਹਿਆਂ ਦੇ ਦੌਰਿਆਂ ਦਾ ਜ਼ਿਕਰ ਕਰਦਿਆਂ ਕਟਾਰੀਆ ਨੇ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਉਨ੍ਹਾਂ ਨੇ ਲੋਕਾਂ ਦਾ ਦਰਦ ਸੁਣਿਆ। ਕਈ ਮਾਵਾਂ ਅਤੇ ਭੈਣਾਂ ਨੇ ਹੱਥ ਜੋੜ ਕੇ ਕਿਹਾ ਕਿ ਪਹਿਲਾਂ ਉਨ੍ਹਾਂ ਦੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਕਈ ਪਰਿਵਾਰਾਂ ਵਿੱਚ ਨਸ਼ੇ ਕਾਰਨ ਨੌਜਵਾਨ ਘਰ ਦਾ ਸਮਾਨ ਤੱਕ ਵੇਚ ਦਿੰਦੇ ਹਨ ਅਤੇ ਪਰਿਵਾਰਕ ਰਿਸ਼ਤੇ ਵੀ ਟੁੱਟਣ ਲੱਗ ਜਾਂਦੇ ਹਨ।
ਪਾਕਿਸਤਾਨ ‘ਤੇ ਨਿਸ਼ਾਨਾ ਲਗਾਉਂਦਿਆਂ ਕਟਾਰੀਆ ਨੇ ਕਿਹਾ ਕਿ ਸਿੱਧੀ ਜੰਗ ਵਿੱਚ ਮੁਕਾਬਲਾ ਨਾ ਕਰ ਸਕਣ ਤੋਂ ਬਾਅਦ ਹੁਣ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਰਾਹੀਂ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਹੱਦਾਂ ‘ਤੇ ਸਖ਼ਤੀ ਤੋਂ ਬਾਅਦ ਡਰੋਨ ਰਾਹੀਂ ਨਸ਼ਿਆਂ ਦੀ ਸਪਲਾਈ ਕਰਨ ਦੀਆਂ ਕੋਸ਼ਿਸ਼ਾਂ ਵਧੀਆਂ ਹਨ।
ਉਨ੍ਹਾਂ ਸਮਾਜ ਅਤੇ ਪ੍ਰਸ਼ਾਸਨ ਨੂੰ ਇਕੱਠੇ ਹੋ ਕੇ ਨਸ਼ਿਆਂ ਖਿਲਾਫ ਲੰਮੀ ਲੜਾਈ ਲੜਨ ਦੀ ਅਪੀਲ ਕੀਤੀ।

