Saturday, April 19, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਪੰਜਾਬ ਦੀਆਂ ਮੰਡੀਆਂ ’ਚ ਚਾਲੂ ਖਰੀਦ ਸੀਜ਼ਨ ਦੌਰਾਨ 4.19 ਲੱਖ ਮੀਟ੍ਰਿਕ ਟਨ...

ਪੰਜਾਬ ਦੀਆਂ ਮੰਡੀਆਂ ’ਚ ਚਾਲੂ ਖਰੀਦ ਸੀਜ਼ਨ ਦੌਰਾਨ 4.19 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ-ਖੁਰਾਕ ਤੇ ਸਿਵਲ ਸਪਲਾਈ ਮੰਤਰੀ

 

 

ਚੰਡੀਗੜ੍ਹ/ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 16 ਅਪ੍ਰੈਲ:


ਪੰਜਾਬ ਦੇ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਆਖਿਆ ਕਿ ਪੰਜਾਬ ’ਚ ਇਸ ਵਾਰ ਕਣਕ ਦੀ ਬੰਪਰ ਫ਼ਸਲ ਹੋਈ ਹੈ, ਜਿਸ ਨਾਲ ਕੇਂਦਰੀ ਪੂਲ ਦਾ 124 ਲੱਖ ਮੀਟ੍ਰਿਕ ਟਨ ਦਾ ਖਰੀਦ ਟੀਚਾ ਅਸਾਨੀ ਨਾਲ ਪੂਰਾ ਕਰ ਲਿਆ ਜਾਵੇਗਾ।
ਅੱਜ ਖਰੜ ਮੰਡੀ ਵਿਖੇ ਕਣਕ ਦੇ ਖਰੀਦ ਸੀਜ਼ਨ ਦਾ ਜਾਇਜ਼ਾ ਲੈਣ ਪੁੱਜੇ ਖੁਰਾਕ ਤੇ ਸਪਲਾਈ ਮੰਤਰੀ ਸ੍ਰੀ ਕਟਾਰੂਚੱਕ ਨੇ ਅੱਗੇ ਆਖਿਆ ਕਿ ਹੁਣ ਤੱਕ ਮੰਡੀਆ ’ਚ 4.16 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ 3.22 ਲੱਖ ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਾਤਿਆਂ ’ਚ 151 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਜਿੱਥੇ ਅਦਾਇਗੀ ਖਰੀਦ ਹੋਣ ਦੇ 24 ਘੰਟਿਆਂ ’ਚ ਕੀਤੀ ਜਾ ਰਹੀ ਹੈ ਉੱਥੇ ਲਿਫ਼ਟਿੰਗ ’ਚ ਵੀ ਕੋਈ ਢਿੱਲ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਮੰਡੀਆਂ ਦੇ ਦੌਰੇ ਦੌਰਾਨ ਫ਼ਿਲਹਾਲ ਕੋਈ ਮੁਸ਼ਕਿਲ ਸਾਹਮਣੇ ਨਹੀਂ ਆਈ।
ਖੁਰਾਕ ਤੇ ਸਪਲਾਈ ਮੰਤਰੀ ਅਨੁਸਾਰ ਮੌਸਮ ਜੇਕਰ ਇੰਜ ਹੀ ਸਾਥ ਦਿੰਦਾ ਰਹੇ ਤਾਂ ਇਸ ਵਾਰ ਕਣਕ ਦੇ ਦਾਣੇ ਦੀ ਗੁਣਵੱਤਾ ਵੀ ਬਹੁਤ ਵਧੀਆ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਆਏ ਅਨਾਜ ਨੂੰ ਮੌਸਮ ਦੀ ਮਾਰ ਤੋਂ ਬਚਾਉਣ ਲਈ ਸਾਰੀਆਂ ਏਜੰਸੀਆਂ ਅਤੇ ਆੜ੍ਹਤੀਆਂ ਨੂੰ ਤਰਪਾਲਾਂ ਅਤੇ ਕਰੇਟਾਂ ਦੇ ਸਮੁੱਚੇ ਪ੍ਰਬੰਧ ਕਰਕੇ ਰੱਖਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਬਾਰਦਾਨੇ ਦੀ ਵੀ ਕੋਈ ਕਮੀ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 31 ਲੱਖ ਮੀਟ੍ਰਿਕ ਟਨ ਭੰਡਾਰਣ ਸਮਰੱਥਾ ਦਾ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ 15 ਲੱਖ ਮੀਟ੍ਰਿਕ ਟਨ ਅਗਲੇ ਦਿਨਾਂ ’ਚ ਸਿੱਧੇ ਤੌਰ ’ਤੇ ਹੀ ਕੇਂਦਰ ਵੱਲੋਂ ਚੁੱਕ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਭੰਡਾਰਣ ਸਮਰੱਥਾ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਸਪੱਸ਼ਟ ਕੀਤਾ ਕਿ ਮੰਡੀਆਂ ’ਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਦੇ ਆਦੇਸ਼ਾਂ ਅਨੁਸਾਰ ਉਹ ਖੁਦ ਮੰਡੀਆਂ ਦਾ ਦੌਰਾ ਕਰਕੇ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਖਰੀਦ ਕਾਰਜਾਂ ਨਾਲ ਜੁੜੇ ਸਮੂਹ ਅਧਿਕਾਰੀਆਂ ਨੂੰ ਸਖਤ ਹਦਾੲਤਾਂ ਕੀਤੀਆਂ ਗਈਆਂ ਹਨ ਕਿ ਮੰਡੀਆਂ ’ਚ ਕੋਈ ਵੀ ਢਿੱਲ ਮੱਠ ਨਾ ਆਵੇ ਅਤੇ ਕਿਸੇ ਵੀ ਕਿਸਾਨ ਜਾਂ ਆੜ੍ਹਤੀ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਐਸ ਡੀ ਐਮ ਖਰੜ ਗੁਰਮੰਦਰ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਨਵਰੀਤ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਪ੍ਰਤੀਨਿਧੀ, ਆੜ੍ਹਤੀ ਤੇ ਕਿਸਾਨ ਮੌਜੂਦ ਸਨ।