ਮਿਲਾਨ/ਇਟਲੀ – ਉੱਤਰੀ ਇਟਲੀ ਦੇ ਸ਼ਹਿਰ ਬਰੇਸ਼ੀਆ ਵਿਖੇ ਸਥਾਪਿਤ ਗੁਰਦੁਆਰਾ ਸੱਚਖੰਡ ਈਸ਼ਰ ਦਰਬਾਰ ਬਰੇਸ਼ੀਆ ਦੀ ਪ੍ਰਬੰਧਕ ਕਮੇਟੀ ਵੱਲੋ ਸਥਾਨਿਕ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਵਿਚ ਹਜ਼ਾਰਾਂ ਸਿੱਖ ਸੰਗਤਾਂ ਦਾ ਭਾਰੀ ਇਕੱਠ ਵੇਖਣ ਨੂੰ ਮਿਲਿਆ। ਇਸ ਦੌਰਾਨ ਕੇਸਰੀ ਦਸਤਾਰਾਂ ਸਜਾਕੇ ਪਹੁੰਚੀਆ ਸੰਗਤਾਂ ਨੇ ਚੜਦੀ ਕਲ੍ਹਾ ਦੇ ਜੈਕਾਰੇ ਲਾਉਂਦਿਆਂ ਅਸਮਾਨ ਗੂੰਜਣ ਲਾ ਦਿੱਤਾ। ਨਗਰ ਕੀਰਤਨ ਦੀ ਆਰੰਭਤਾ ਵੀਆ ਕੋਰਸੀਕਾ ਤੋਂ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਬਹੁਤ ਹੀ ਸੁਚੱਜੇ ਤਰੀਕੇ ਨਾਲ ਹੋਈ।
ਨਗਰ ਕੀਰਤਨ ਦੌਰਾਨ ਵੱਖ-ਵੱਖ ਰਾਗੀ ਸਿੰਘਾਂ ਦੁਆਰਾ ਇਤਿਹਾਸ ਸਰਵਣ ਕਰਵਾਇਆ ਗਿਆ। ਸਾਰੇ ਰਸਤੇ ਵਿਚ ਸੰਗਤਾਂ ਦੁਆਰਾ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ ਅਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਏ। ਜਿਸਦਾ ਇਟਾਲੀਅਨ ਅਤੇ ਹੋਰਨਾਂ ਮੂਲ ਦੇ ਲੋਕਾਂ ‘ਤੇ ਗਹਿਰਾ ਪ੍ਰਭਾਵ ਪਿਆ। ਇਸ ਮੌਕੇ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗੱਤਕਾ ਅਕੈਡਮੀ ਬਨਿੳਲੋ ਮੇਲਾ ਵੱਲੋਂ ਗੱਤਕੇ ਦੇ ਜੌਹਰ ਵੀ ਦਿਖਾਏ ਗਏ। ਇਟਲੀ ਦੇ ਵੱਖ-ਵੱਖ ਇਲਾਕਿਆਂ ਦੇ ਹੋਰਨਾਂ ਗੁਰੂਦੁਆਰਾ ਸਾਹਿਬ, ਵੱਖ-ਵੱਖ ਸੰਸਥਾਵਾਂ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਇਸ ਨਗਰ ਕੀਰਤਨ ਦੌਰਾਨ ਵੱਖ-ਵੱਖ ਤਰ੍ਹਾਂ ਦੇ ਗੁਰੂ ਕੇ ਲੰਗਰ ਲਗਾਏ ਗਏ। ਨਗਰ ਕੀਰਤਨ ਦਾ ਗੁਰਦੁਆਰਾ ਸਾਹਿਬ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ। ਸ਼ਾਮ ਨੂੰ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਬਰੇਸ਼ੀਆਂ ਦੀ ਪਰਿਕਰਮਾ ਕਰਦਿਆਂ ਨਗਰ ਕੀਰਤਨ ਦੀ ਸਮਾਪਤੀ ਈਵੇਕੋ ਦੀ ਪਾਰਕ ਵਿਖੇ ਹੋਈ।