ਚੰਡੀਗੜ੍ਹ/ਮੋਗਾ : ਸਿੱਖਿਆ ਪ੍ਰਣਾਲੀ ਵਿਚ ਜਵਾਬਦੇਹੀ ਅਤੇ ਇਮਾਨਦਾਰੀ ਨੂੰ ਬਣਾਈ ਰੱਖਣ ਲਈ ਇਕ ਫੈਸਲਾਕੁੰਨ ਕਦਮ ਚੁੱਕਦੇ ਹੋਏ, ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਬਾਘਾਪੁਰਾਣਾ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ (ਬੀਪੀਈਓ) ਦੇਵੀ ਪ੍ਰਸਾਦ ਨੂੰ ਉਸਦੇ ਦੁਰਵਿਵਹਾਰ ਦਾ ਪਰਦਾਫਾਸ਼ ਕਰਨ ਵਾਲੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਮੁਅੱਤਲ ਕਰ ਦਿੱਤਾ। ਇਹ ਕਾਰਵਾਈ ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਸਕੱਤਰ ਸਕੂਲ ਸਿੱਖਿਆ, ਪੰਜਾਬ ਅਨਿੰਦਿਤਾ ਮਿੱਤਰਾ ਨੇ ਕੀਤੀ। ਵਾਇਰਲ ਵੀਡੀਓ ਨੇ ਅਧਿਕਾਰੀ ਦੇ ਵਿਵਹਾਰ ਬਾਰੇ ਗੰਭੀਰ ਚਿੰਤਾਵਾਂ ਪ੍ਰਗਟ ਕੀਤੀਆਂ, ਜਿਸ ਕਾਰਨ ਵਿਭਾਗ ਨੇ ਤੁਰੰਤ ਦਖਲ ਦਿੱਤਾ।
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ਵਿਚ ਲਾਪਰਵਾਹੀ ਜਾਂ ਦੁਰਵਿਵਹਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਰੱਖਦੀ ਹੈ। ਨਿਯਮਾਂ ਦੀ ਉਲੰਘਣਾ ਕਰਨ ਜਾਂ ਆਪਣੀਆਂ ਡਿਊਟੀਆਂ ਵਿਚ ਅਸਫਲ ਰਹਿਣ ਵਾਲੇ ਕਿਸੇ ਵੀ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਅਤੇ ਸਟਾਫ਼ ਦੇ ਹਿੱਤ ਲਈ ਸਕੂਲ ਪ੍ਰਸ਼ਾਸਨ ਵਿਚ ਅਨੁਸ਼ਾਸਨ ਅਤੇ ਉੱਚਤਮ ਨੈਤਿਕ ਮਿਆਰਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।