ਲੁਧਿਆਣਾ – ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ., ਪਾਵਰਕਾਮ ਵਿਭਾਗ ਦੇ ਸੀ. ਐੱਮ. ਡੀ. ਅਤੇ ਡਾਇਰੈਕਟਰ ਡੀ. ਪੀ. ਸੀ. ਗਰੇਵਾਲ ਦੀਆਂ ਹਦਾਇਤਾਂ ’ਤੇ ਕਾਰਵਾਈ ਕਰਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਨੇ ਵਿਭਾਗ ਦੇ 420 ਡਿਫਾਲਟਰ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਤੇਜ਼ੀ ਨਾਲ ਕੱਟੇ ਅਤੇ 12.81 ਕਰੋੜ ਰੁਪਏ ਦੇ ਬਕਾਇਆ ਬਿੱਲਾਂ ਦੀ ਵਸੂਲੀ ਕੀਤੀ। ਲੰਮੇ ਸਮੇਂ ਤੋਂ ਬਿਜਲੀ ਦਾ ਬਿੱਲ ਨਾ ਭਰਨ ਵਾਲੇ ਡਿਫਾਲਟਰ ਖਪਤਕਾਰਾਂ ਦੇ ਕੁਨੈਕਸ਼ਨ ਕੱਟੇ ਜਾ ਰਹੇ ਹਨ।
ਪਾਵਰਕਾਮ ਵਿਭਾਗ ਦੇ ਚੀਫ ਇੰਜੀਨੀਅਰ ਜਗਦੇਵ ਸਿੰਘ ਹੰਸ ਦੀ ਅਗਵਾਈ ਹੇਠ ਗਠਿਤ ਵੱਖ-ਵੱਖ ਅਧਿਕਾਰੀਆਂ ਤੇ ਮੁਲਾਜ਼ਮਾਂ ਦੀਆਂ ਟੀਮਾਂ ਵੱਲੋਂ ਬੁੱਧਵਾਰ ਸਵੇਰੇ ਇਕ ਵਿਸ਼ੇਸ਼ ਰਣਨੀਤੀ ਤਹਿਤ ਪੂਰੇ ਲੁਧਿਆਣਾ ਜ਼ਿਲੇ ’ਚ ਬਿਜਲੀ ਵਿਭਾਗ ਦੇ ਡਿਫਾਲਟਰ ਖਪਤਕਾਰਾਂ ਖਿਲਾਫ ਵੱਡੀ ਮੁਹਿੰਮ ਚਲਾਈ ਗਈ, ਜਿਸ ’ਚ ਵਿਭਾਗੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਪਿਛਲੇ ਲੰਬੇ ਸਮੇਂ ਤੋਂ ਬਿਜਲੀ ਦਾ ਬਿੱਲ ਨਾ ਭਰਨ ਵਾਲੇ 420 ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਹਨ। ਵਿਭਾਗ ਦੇ ਡਿਫਾਲਟਰ ਖਪਤਕਾਰਾਂ ਤੋਂ ਕਰੋੜਾਂ ਰੁਪਏ ਦੇ ਬਕਾਇਆ ਬਿੱਲਾਂ ਦੀ ਵਸੂਲੀ ਕਰਨ ’ਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।