ਪਟਿਆਲਾ/ਸਨੌਰ- ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਜਾਰੀ ਸੰਘਰਸ਼ ’ਚ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਯਾਦ ’ਚ ਸ਼ੁੱਕਰਵਾਰ ਨੂੰ ਖਨੌਰੀ, ਸ਼ੰਭੂ, ਰਤਨਪੁਰਾ ਅਤੇ ਸ਼ਹੀਦ ਦੇ ਪਿੰਡ ਬਲੋ ਵਿਖੇ ਹਜ਼ਾਰਾਂ ਕਿਸਾਨਾਂ ਨੇ ਇਕੱਠੇ ਹੋ ਕੇ ਮੋਦੀ ਸਰਕਾਰ ਦਾ ਦਰਵਾਜ਼ਾ ਖੜ੍ਹਕਾਇਆ ਹੈ ਅਤੇ ਤੁਰੰਤ ਮੰਗਾਂ ਮੰਨਣ ਲਈ ਆਖਿਆ ਹੈ।
ਦੂਸਰੇ ਪਾਸੇ 22 ਫਰਵਰੀ ਨੂੰ ਕਿਸਾਨਾਂ ਦੀ ਮੁੜ ਕੇਂਦਰ ਸਰਕਾਰ ਨਾਲ ਗੱਲਬਾਤ ਹੋਵੇਗੀ, ਜਿਸ ’ਚ ਖੇਤੀਬਾੜੀ ਮੰਤਰੀ ਦੇ ਪਹੁੰਚਣ ਦੀ ਆਸ ਹੈ। ਇਸ ਮੌਕੇ 28 ਕਿਸਾਨ ਨੇਤਾਵਾਂ ਦਾ ਜਥਾ ਗੱਲਬਾਤ ਕਰਨ ਲਈ ਜਾਵੇਗਾ। ਕਿਸਾਨ ਨੇਤਾਵਾਂ ਨੇ ਐਲਾਨ ਕੀਤਾ ਕਿ ਜੇਕਰ 22 ਫਰਵਰੀ ਨੂੰ ਗੱਲਬਾਤ ਸਿਰੇ ਨਾ ਚੜ੍ਹੀ ਤਾਂ 25 ਫਰਵਰੀ ਨੂੰ ਦਿੱਲੀ ਵੱਲ ਕੂਚ ਹੋਵੇਗਾ। ਜ਼ਿਕਰਯੋਗ ਹੈ ਕਿ 21 ਫਰਵਰੀ 2024 ਨੂੰ ਖਨੌਰੀ ਬਾਰਡਰ ’ਤੇ ਦਿੱਲੀ ਵੱਲ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ-ਮਜ਼ਦੂਰਾਂ ’ਤੇ ਹਰਿਆਣਾ ਪੁਲਸ ਵੱਲੋਂ ਚਲਾਈ ਗਈ ਗੋਲੀ ਲੱਗਣ ਨਾਲ ਸ਼ੁਭਕਰਨ ਸਿੰਘ ਸ਼ਹੀਦ ਹੋ ਗਿਆ ਸੀ।
ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੱਖਾਂ ਕਿਸਾਨਾਂ ਸਮੇਤ ਦਿੱਲੀ ਵੱਲ ਜਾ ਰਹੇ ਸ਼ੁਭਕਰਨ ਸਿੰਘ ਨੂੰ ਸਿਰ ’ਚ ਗੋਲੀ ਮਾਰ ਕੇ ਸ਼ਹੀਦ ਕਰਨ ਵਾਲੀ ਮੋਦੀ ਸਰਕਾਰ ਦਾ ਕਿਸਾਨ-ਮਜ਼ਦੂਰ ਵਿਰੋਧੀ ਅਤੇ ਕਾਰਪੋਰੇਟ ਪੱਖੀ ਚਿਹਰਾ ਨੰਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਇਕੱਠ ਸਾਬਿਤ ਕਰ ਰਿਹਾ ਹੈ ਕਿ ਸਰਕਾਰੀ ਤਸ਼ੱਦਦ ਦੇ ਬਾਵਜੂਦ ਦੇਸ਼ ਦੇ ਲੋਕ ਹੱਕਾਂ ਲਈ ਲੜੇ ਜਾ ਰਹੇ ਇਸ ਸੰਘਰਸ਼ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।