ਪੰਜਾਬ ’ਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੂੰ ਲਗਾਤਾਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਤਰ੍ਹਾਂ ਚੋਣ ਪ੍ਰਚਾਰ ਲਈ ਪੰਜਾਬ ਪਹੁੰਚੇ ਭਾਜਪਾ ਦੇ ਪ੍ਰਧਾਨ ਮੰਤਰੀ ਮੋਦੀ ਦਾ ਵੀ ਅੱਜ ਵਿਰੋਧ ਕੀਤਾ ਗਿਆ। ਦਰਅਸਲ ਚੋਣ ਪ੍ਰਚਾਰ ਦੇ ਆਖਰੀ ਦਿਨ ਪ੍ਰਧਾਨ ਮੰਤਰੀ ਪਾਰਟੀ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦੇ ਹੱਕ ’ਚ ਚੋਣ ਪ੍ਰਚਾਰ ਕਰਨ ਲਈ ਹੁਸ਼ਿਆਰਪੁਰ ਪਹੁੰਚੇ ਸੀ।
ਹਾਲਾਂਕਿ ਕਿਸਾਨਾਂ ਵੱਲੋਂ ਪਹਿਲਾਂ ਹੀ ਪੀਐੱਮ ਦੇ ਵਿਰੋਧ ਦਾ ਐਲਾਨ ਕੀਤਾ ਗਿਆ ਸੀ। ਇਸੇ ਕਰਕੇ ਸੁਰੱਖਿਆ ਦੇ ਮੱਦੇਨਜ਼ਰ ਵੱਡੀ ਗਿਣਤੀ ’ਚ ਪੁਲਿਸ ਅਧਿਕਾਰੀਆਂ ਸਮੇਤ ਸੁਰੱਖਿਆ ਬਲਾਂ ਨੂੰ ਤੈਨਾਤ ਕੀਤਾ ਗਿਆ ਸੀ। ਇਸ ਦੌਰਾਨ ਮੁਕੇਰੀਆਂ ਵਾਲੇ ਪਾਸਿਓਂ ਆਏ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਵਿੱਚ ਕਿਸਾਨਾਂ ਦੇ ਇੱਕ ਜੱਥੇ ਨੂੰ ਹੁਸ਼ਿਆਰਪੁਰ ਦਸੂਹਾ ਰੋਡ ‘ਤੇ ਕੱਕੋਂ ’ਚ ਲੱਗੇ ਪੁਲਿਸ ਨਾਕੇ ‘ਤੇ ਰੋਕ ਲਿਆ ਗਿਆ।
ਕਿਸਾਨ ਆਗੂਆਂ ਨੇ ਦੱਸਿਆ ਕਿ ਉਹ ਕਾਲੇ ਖੇਤੀ ਕਾਨੂੰਨਾਂ ਅਤੇ ਹੋਰ ਕਿਸਾਨੀ ਮਸਲਿਆਂ ’ਤੇ ਪ੍ਰਧਾਨ ਮੰਤਰੀ ਨਰਿੰਦਰ ਕੋਲੋਂ ਸਵਾਲ ਪੁੱਛਣਾ ਚਾਹੁੰਦੇ ਹਨ। ਇਸ ਤੋਂ ਬਾਅਦ ਮੌਕੇ ’ਤੇ ਮੌਜੂਦ ਪੁਲਿਸ ਅਧਿਕਾਰੀਆਂ ਵੱਲੋਂ ਅੱਗੇ ਜਾਣ ਦੀ ਇਜਾਜ਼ਤ ਨਾ ਦਿੱਤੇ ਜਾਣ ’ਤੇ ਕਿਸਾਨਾਂ ਨੇ ਸੜਕ ’ਤੇ ਹੀ ਧਰਨਾ ਲਗਾ ਕੇ ਪ੍ਰਧਾਨ ਮੰਤਰੀ ਅਤੇ ਭਾਜਪਾ ਵਿਰੁੱਧ ਨਾਅਰੇਬਾਜੀ ਕੀਤੀ।
ਇਸ ਦੇ ਨਾਲ ਹੀ ਇਸ ਮੌਕੇ ਕਿਸਾਨਾਂ ਦੇ ਵਿਰੋਧ ਨੂੰ ਵੇਖਦਿਆਂ ਮੌਕੇ ਦੇ ਪੁਲਿਸ ਅਧਿਕਾਰੀਆਂ ਨੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਅਤੇ ਫਿਰ ਥਾਣਾ ਦਸੂਹਾ ਲਿਜਾਇਆ ਗਿਆ। ਪ੍ਰਧਾਨ ਮੰਤਰੀ ਦੇ ਵਾਪਸ ਜਾਣ ਉਪਰੰਤ ਹਿਰਾਸਤ ਵਿੱਚ ਲਏ ਗਏ ਕਿਸਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ
ਇਸ ਤੋਂ ਇਲਾਵਾ ਦੂਜੇ ਪਾਸੇ ਪ੍ਰਧਾਨ ਮੰਤਰੀ ਨੂੰ ਸਵਾਲ ਪੁੱਛਣ ਟਾਂਡੇ ਵੱਲੋਂ ਆਏ ਕਿਸਾਨਾਂ ਨੂੰ ਹੁਸ਼ਿਆਰਪੁਰ ਟਾਂਡਾ ਰੋਡ ’ਤੇ ਵਿੰਡਸਰ ਮੈਨਰ ਪੈਲੇਸ ਦੇ ਸਾਹਮਣੇ ਪੁਲਿਸ ਨੇ ਨਾਕੇ ਲਗਾ ਕੇ ਰੋਕ ਲਿਆ। ਇੱਥੇ ਵੀ ਰੋਕੇ ਜਾਣ ’ਤੇ ਕਿਸਾਨਾਂ ਨੇ ਸੜਕ ਦੇ ਵਿਚਕਾਰ ਧਰਨਾ ਲਗਾ ਦਿੱਤਾ। ਇਸ ਮੌਕੇ ਉਹਨਾਂ ਕਿਸਾਨੀ ਮੋਰਚੇ ਵੇਲੇ ਕੇਂਦਰ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਾ ਕਰਨ ’ਤੇ ਜ਼ੋਰਦਾਰ ਰੋਸ ਦਾ ਪ੍ਰਗਟਾਵਾ ਕੀਤਾ। ਇਨ੍ਹਾਂ ਦੋਵਾਂ ਥਾਵਾਂ ’ਤੇ ਇਹ ਧਰਨਾ ਕਰੀਬ ਡੇਢ ਦੋ ਘੰਟੇ ਤੱਕ ਚੱਲਿਆ ਅਤੇ ਪ੍ਰਧਾਨ ਮੰਤਰੀ ਦੇ ਵਾਪਸ ਜਾਣ ਉੱਪਰ ਖ਼ਤਮ ਕਰ ਦਿੱਤਾ ਗਿਆ।