ਟਾਂਡਾ ਉੜਮੜ : ਅੱਜ ਦੁਪਹਿਰ ਨੂੰ ਪੁਲਸ ਪ੍ਰਸ਼ਾਸਨ ਨੂੰ ਚਕਮਾ ਦੇ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਜੁੜੇ ਅਨੇਕਾਂ ਕਿਸਾਨ ਰੇਲਵੇ ਫਲਾਈ ਓਵਰ ਬ੍ਰਿਜ ਹੇਠਾਂ ਰੇਲਵੇ ਟਰੈਕ ‘ਤੇ ਆ ਕੇ ਬੈਠ ਗਏ। ਦੱਸਣਯੋਗ ਹੈ ਕਿ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਬਿਜਲੀ ਦੇ ਨਿੱਜੀਕਰਨ ਦੇ ਵਿਰੋਧ ਵਿਚ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਸੀ ਜਿਸ ਦੇ ਮੱਦੇਨਜ਼ਰ ਪੁਲਸ ਵੱਲੋਂ ਅੱਜ ਸਵੇਰ ਤੋਂ ਹੀ ਕਿਸਾਨ ਆਗੂਆਂ ਦੀ ਫੜੋ-ਫੜੀ ਕੀਤੀ ਜਾ ਰਹੀ ਸੀ ਜਿਸ ਦੇ ਤਹਿਤ ਜ਼ਿਲਾ ਪ੍ਰਧਾਨ ਪਰਮਜੀਤ ਸਿੰਘ ਭੁੱਲਾਂ ਨੂੰ ਨਜ਼ਰਬੰਦ ਕੀਤਾ ਗਿਆ ਸੀ।
ਇਸ ਦੌਰਾਨ ਕਿਸਾਨ ਜਥੇਬੰਦੀ ਦੇ ਕਾਰਕੁੰਨ ਪੁਲਸ ਦੀਆਂ ਅੱਖਾਂ ਤੋਂ ਬਚਦੇ ਹੋਏ ਅੱਜ ਦੁਪਹਿਰ ਰੇਲਵੇ ਟਰੈਕ ‘ਤੇ ਪਹੁੰਚਣ ਵਿਚ ਸਫਲ ਹੋ ਗਏ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਮੌਕੇ ‘ਤੇ ਪਹੁੰਚੇ ਐੱਸਐੱਚਓ ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਦੀ ਟੀਮ ਨੇ ਕਿਸਾਨਾਂ ਨੂੰ ਖਦੇੜਦੇ ਹੋਏ ਰੇਲਵੇ ਟਰੈਕ ਕਲੀਅਰ ਕਰਵਾਇਆ। ਇਸ ਦੌਰਾਨ ਕੁਝ ਕਿਸਾਨਾਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ ਹੈ।

