ਚੰਡੀਗੜ੍ਹ–ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਵੱਖ-ਵੱਖ ਬੈਂਕਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸੁਸਾਇਟੀ ਦੇ ਕਰਮਚਾਰੀਆਂ ਨੂੰ ਲੋੜੀਂਦੀ ਜੀਵਨ ਬੀਮਾ ਕਵਰੇਜ ਮੁਹੱਈਆ ਕਰਵਾਈ ਜਾਵੇਗੀ। ਇਹ ਭਰੋਸਾ ਉਨ੍ਹਾਂ ਆਪਣੇ ਦਫ਼ਤਰ ਵਿਖੇ ਪੰਜਾਬ ਰਾਜ ਕਰਮਚਾਰੀ ਦਲ, ਕੰਪਿਊਟਰ ਅਧਿਆਪਕ ਯੂਨੀਅਨਾਂ ਅਤੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਨਾਲ ਮੀਟਿੰਗਾਂ ਦੌਰਾਨ ਦਿੱਤਾ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਹੋਰ ਮੰਗਾਂ ’ਤੇ ਵੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਅਤੇ ਸੂਬੇ ਵਿੱਚ ਐਚ.ਆਈ.ਵੀ ਦੇ ਫੈਲਾਅ ਨੂੰ ਤਨਦੇਹੀ ਨਾਲ ਕਾਬੂ ਕਰਨ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਉਨ੍ਹਾਂ ਸੂਬਾ ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਕਿਸੇ ਵੀ ਪ੍ਰੋਗਰਾਮ ਨੂੰ ਸਮਰਪਿਤ ਭਾਵਨਾ ਨਾਲ ਪੂਰਾ ਕਰਨ ਦਾ ਵਾਅਦਾ ਵੀ ਕੀਤਾ।
ਇਸ ਤੋਂ ਪਹਿਲਾਂ ਪੰਜਾਬ ਰਾਜ ਕਰਮਚਾਰੀ ਦਲ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਦਿੱਤੇ ਮੰਗ ਪੱਤਰ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਵਿੱਤ ਮੰਤਰੀ ਚੀਮਾ ਨੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਸਬੰਧਤ ਕੁਝ ਮੰਗਾਂ ਸਬੰਧੀ ਵਿੱਤੀ ਜਿੰਮੇਵਾਰੀ ਦਾ ਜਾਇਜ਼ਾ ਲੈਣ ਲਈ ਕਿਹਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਵਿੱਤੀ ਚੁਣੌਤੀਆਂ ਦੇ ਬਾਵਜੂਦ, ਸਰਕਾਰ ਨੇ ਹਾਲ ਹੀ ਵਿੱਚ ਕਰਮਚਾਰੀਆਂ ਨੂੰ 4 ਪ੍ਰਤੀਸ਼ਤ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਕੀਤਾ ਹੈ।
|