ਚੰਡੀਗੜ੍ਹ, 30 ਅਪ੍ਰੈਲ
ਪੰਜਾਬ ਦੇ ਵਿੱਤੀ ਪ੍ਰਬੰਧਨ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ 11 ਕਮਰਚਾਰੀਆਂ, ਜਿਨ੍ਹਾਂ ਵੱਲੋਂ ਐਸ.ਏ.ਐਸ. ਪ੍ਰੀਖਿਆ ਪਾਸ ਕੀਤੀ ਗਈ ਹੈ, ਨੂੰ ਬਤੌਰ ਸੈਕਸ਼ਨ ਅਫਸਰ ਨਿਯੁਕਤੀ ਪੱਤਰ ਸੌਂਪੇ। ਇਹ ਕਰਮਚਾਰੀ, ਜੋ ਪਹਿਲਾਂ ਪੰਜਾਬ ਸਿਵਲ ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾ ਰਹੇ ਸਨ, ਨੂੰ ਇਸ ਨਿਯੁਕਤੀ ਉਪਰੰਤ ਰਾਜ ਦੇ ਵੱਖ-ਵੱਖ ਦਫਤਰਾਂ ਵਿੱਚ ਵਿੱਤ ਵਿਭਾਗ ਦੇ ਨੁਮਾਂਇਦਿਆ ਵਜੋ ਤਾਇਨਾਤ ਕੀਤਾ ਗਿਆ ਹੈ।
ਪੰਜਾਬ ਸਿਵਲ ਸਕੱਤਰੇਤ ਵਿੱਚ ਆਪਣੇ ਦਫ਼ਤਰ ਵਿਖੇ ਇੱਕ ਸਧਾਰਨ ਪਰ ਪ੍ਰਭਾਵਸ਼ਾਲੀ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਾਰਦਰਸ਼ੀ ਅਤੇ ਮਜ਼ਬੂਤ ਵਿੱਤੀ ਪ੍ਰਸ਼ਾਸਨ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਨਵ-ਨਿਯੁਕਤ ਸੈਕਸ਼ਨ ਅਧਿਕਾਰੀ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੇ ਨਿਰਵਿਘਨ ਲਾਗੂਕਰਨ ਨੂੰ ਯਕੀਨੀ ਬਣਾਉਣ ਅਤੇ ਹਰ ਪੱਧਰ ‘ਤੇ ਕੁਸ਼ਲਤਾ ਅਤੇ ਜਵਾਬਦੇਹੀ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
ਇਨ੍ਹਾਂ ਨਿਯੁਕਤੀਆਂ ਦੀ ਮਹੱਤਤਾ ‘ਤੇ ਰੋਸ਼ਨੀ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸੈਕਸ਼ਨ ਅਫਸਰ ਸਰਕਾਰੀ ਖਰਚਿਆਂ ਦੀ ਵਿਆਪਕ ਨਿਗਰਾਨੀ ਰੱਖਣ, ਪਾਰਦਰਸ਼ਤਾ ਵਧਾਉਣ, ਵਿੱਤੀ ਲੀਕੇਜ ਨੂੰ ਰੋਕਣ ਅਤੇ ਪ੍ਰਾਪਤੀਆਂ ਦੀ ਨਿਗਰਾਨੀ ਕਰਨ ਵਿੱਚ ਸਹਾਇਕ ਹੋਣਗੇ। ਉਨ੍ਹਾਂ ਕਿਹਾ ਕਿ ਇਸ ਸਦਕਾ ਕਰਮਚਾਰੀਆਂ, ਪੈਨਸ਼ਨਰਾਂ ਅਤੇ ਆਮ ਲੋਕਾਂ ਨੂੰ ਵਧੀਆਂ ਸੇਵਾਵਾਂ ਪ੍ਰਦਾਨ ਕਰਨ ਵਿੱਚ ਸਹਾਇਤਾ ਹੋਵੇਗੀ।
ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਰਪਣ, ਇਮਾਨਦਾਰੀ ਅਤੇ ਪੇਸ਼ੇਵਰ ਸੂਝ-ਬੂਝ ਨਾਲ ਨਿਭਾਉਣ ਦੀ ਅਪੀਲ ਕੀਤੀ। ਵਿੱਤ ਮੰਤਰੀ ਨੇ ਸਰਕਾਰ ਦੇ ਵਿੱਤੀ ਸਰੋਤਾਂ ਦੀ ਸਰਵੋਤਮ ਵਰਤੋਂ ਯਕੀਨੀ ਬਣਾ ਕੇ ਜਨਤਕ ਲਾਭ ਨੂੰ ਵਧਾਉਣ ਵਿੱਚ ਸੈਕਸ਼ਨ ਅਫਸਰਜ਼ ਦੀ ਭੂਮਿਕਾ ਦਾ ਵੀ ਵਿਸ਼ੇਸ਼ ਤੌਰ ਤੇ ਜਿਕਰ ਕੀਤਾ। ਇਸ ਮੌਕੇ ਪ੍ਰਮੁੱਖ ਸਕੱਤਰ ਵਿੱਤ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।