Tuesday, August 19, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

 

ਚੰਡੀਗੜ੍ਹ, 18 ਅਗਸਤ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ਅਤੇ ਮੰਗਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਪਾਵਰਕਾਮ ਐਂਡ ਟ੍ਰਾਂਸਕੋ ਕੰਟਰੈਕਚੂਅਲ ਇੰਪਲਾਈਜ਼ ਯੂਨੀਅਨ, ਪੰਜਾਬ ਆਯੁਰਵੈਦਿਕ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਅਤੇ ਹੋਮਿਓਪੈਥਿਕ ਮੈਡੀਕਲ ਅਫਸਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕਰਨ ਲਈ ਮੀਟਿੰਗਾਂ ਕੀਤੀਆਂ।

ਪੀ.ਐਸ.ਪੀ.ਸੀ.ਐਲ ਗੈਸਟ ਹਾਊਸ ਵਿਖੇ ਪਾਵਰਕਾਮ ਐਂਡ ਟ੍ਰਾਂਸਕੋ ਕੰਟਰੈਕਟੂਅਲ ਇੰਪਲਾਈਜ਼ ਯੂਨੀਅਨ ਨਾਲ ਹੋਈ ਮੀਟਿੰਗ ਦੌਰਾਨ, ਵਿੱਤ ਮੰਤਰੀ ਚੀਮਾ ਨਾਲ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਏ.ਕੇ. ਸਿਨਹਾ ਸ਼ਾਮਲ ਹੋਏ। ਵਿੱਤ ਮੰਤਰੀ ਨੂੰ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਿਭਾਗ ਵੱਲੋਂ ਹੁਣ ਤੱਕ ਕੀਤੀਆਂ ਗਈਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ ਗਈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਮੰਗਾਂ ਸੰਬੰਧੀ ਇੱਕ ਪ੍ਰਸਤਾਵ ਤਿਆਰ ਕਰਨ ਅਤੇ ਅੱਗੇ ਦੀ ਕਾਰਵਾਈ ਨੂੰ ਸੁਚਾਰੂ ਬਣਾਉਣ ਲਈ ਵਿੱਤ ਅਤੇ ਪ੍ਰਸੋਨਲ ਵਿਭਾਗਾਂ ਨਾਲ ਇਸ ‘ਤੇ ਚਰਚਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ ਹੈ। ਯੂਨੀਅਨ ਦੀ ਨੁਮਾਇੰਦਗੀ ਸੂਬਾ ਪ੍ਰਧਾਨ ਬਲਿਹਾਰ ਸਿੰਘ, ਜਨਰਲ ਸਕੱਤਰ ਟੇਕ ਚੰਦ ਅਤੇ ਪ੍ਰੈਸ ਸਕੱਤਰ ਇੰਦਰਪ੍ਰੀਤ ਸਿੰਘ ਨੇ ਕੀਤੀ।

ਇਸ ਤੋਂ ਪਹਿਲਾਂ, ਸਿਵਲ ਸਕੱਤਰੇਤ ਵਿੱਚ ਆਪਣੇ ਦਫ਼ਤਰ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਆਯੁਰਵੈਦਿਕ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਅਤੇ ਹੋਮਿਓਪੈਥਿਕ ਮੈਡੀਕਲ ਅਫਸਰਜ਼ ਐਸੋਸੀਏਸ਼ਨ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ। ਉਨ੍ਹਾਂ ਨੇ ਯੂਨੀਅਨਾਂ ਦੀਆਂ ਮੰਗਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਅਤੇ ਦੋਵਾਂ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਪ੍ਰਸਤਾਵ ਤਿਆਰ ਕਰਨ ਅਤੇ ਉਨ੍ਹਾਂ ਨੂੰ ਵਿੱਤ ਵਿਭਾਗ ਨੂੰ ਸੌਂਪਣ। ਯੂਨੀਅਨ ਆਗੂਆਂ ਨੇ ਵਿੱਤ ਮੰਤਰੀ ਦਾ ਉਨ੍ਹਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਧੰਨਵਾਦ ਕੀਤਾ।

ਇਸ ਮੌਕੇ ਆਯੁਰਵੈਦਿਕ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਹਾਜ਼ਰੀਨ ਵਿੱਚ ਸਰਪ੍ਰਸਤ ਡਾ. ਸੰਜੀਵ ਗੋਇਲ, ਪ੍ਰਧਾਨ ਡਾ. ਅਮਨਪ੍ਰੀਤ ਸਿੰਘ ਅਤੇ ਜਨਰਲ ਸਕੱਤਰ ਡਾ. ਰਾਜੀਵ ਮਹਿਤਾ ਸ਼ਾਮਲ ਸਨ। ਹੋਮਿਓਪੈਥਿਕ ਮੈਡੀਕਲ ਅਫਸਰਜ਼ ਐਸੋਸੀਏਸ਼ਨ ਦੀ ਨੁਮਾਇੰਦਗੀ ਸਰਪ੍ਰਸਤ ਡਾ. ਰਾਜੀਵ, ਪ੍ਰਧਾਨ ਡਾ. ਬਲਵਿੰਦਰ ਕੁਮਾਰ, ਜਨਰਲ ਸਕੱਤਰ ਡਾ. ਹਰਿੰਦਰ ਪਾਲ ਸਿੰਘ ਅਤੇ ਉਪ ਪ੍ਰਧਾਨ ਡਾ. ਰਿਚਾ ਨੇ ਕੀਤੀ।