ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਸ਼ਲਾਘਾਯੋਗ ਕੰਮਾਂ ਨੂੰ ਲੈ ਕੇ ਮੁੜ ਚਰਚਾ ’ਚ ਹੈ। ਇਸ ਵਿਚਾਲੇ ਜਿੱਥੇ ਔਰਤਾਂ ਦੇ ਬੀਤੇਂ ਦਿਨੀ ਮਹਿਲਾ ਕਮਿਸ਼ਨ ਵੱਲੋਂ ਔਰਤਾਂ ਦੇ ਅਧਿਕਾਰਾਂ ਨੂੰ ਲੈ ਕੇ ਗੱਲ ਕੀਤੀ ਗਈ ਸੀ। ਉੱਥੇ ਹੀ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਲਈ ਦਿੱਤੇ ਜਾਣ ਵਾਲੇ ਲਾਭਾਂ ਦਾ ਐਲਾਨ ਕੀਤਾ ਹੈ ਤਾਂ ਜੋ ਬੱਚੇ ਅਤੇ ਮਾਂ ਦੋਵਾਂ ਦੀ ਸਿਹਤ ਸਥਿਤੀ ਨੂੰ ਉੱਚਾ ਚੁੱਕਿਆ ਜਾ ਸਕੇ।
ਇਸ ਸੰਬੰਧੀ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿੱਤੇ ਜਾਣਗੇ। ਜਿਸ ਦੀ ਸ਼ੁਰੁਆਤ ਜੂਨ ਮਹੀਨੇ ਵਿੱਚ ਲਗਭਗ 25 ਕਰੋੜ ਰੁਪਏ ਦੇ ਵਿੱਤੀ ਲਾਭ ਔਰਤ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟਰਾਂਸਫਰ ਕਰਕੇ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਸਕੀਮ ਤਹਿਤ ਸੂਬੇ ਵਿੱਚ ਪਿਛਲੇ ਵਿੱਤੀ ਸਾਲ ਦੌਰਾਨ 96,044 ਔਰਤ ਲਾਭਪਾਤਰੀਆਂ ਨੂੰ 42 ਕਰੋੜ ਰੁਪਏ ਦਾ ਵਿੱਤੀ ਲਾਭ ਦਿੱਤਾ ਜਾ ਚੁੱਕਿਆ ਹੈ। ਪੰਜਾਬ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ ‘ਤੇ 5000 ਰੁਪਏ (ਦੋ ਕਿਸ਼ਤਾਂ ਵਿੱਚ 3000+2000 ਰੁਪਏ) ਅਤੇ ਦੂਜਾ ਬੱਚਾ ਲੜਕੀ ਪੈਦਾ ਹੋਣ ’ਤੇ 6000 ਰੁਪਏ ਦਿੱਤੇ ਜਾਦੇ ਹਨ।
ਇਸ ਦੇ ਨਾਲ ਹੀ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਔਰਤਾਂ ਨੂੰ ਅੰਸ਼ਕ ਮੁਆਵਜਾ ਪ੍ਰਦਾਨ ਕਰਕੇ ਉਨ੍ਹਾਂ ਦੀ ਸਿਹਤ ਵਿੱਚ ਬੱਚੇ ਦੇ ਜਣੇਪੇ ਤੋਂ ਪਹਿਲਾਂ ਅਤੇ ਬਾਅਦ ਵਿੱਚ ਸੁਧਾਰ ਕਰਨਾ ਹੈ। ਜਿਸ ਨਾਲ ਬੱਚੀਆਂ ਦੇ ਘਟ ਰਹੇ ਜਨਮ ਸਮੇ ਲਿੰਗ ਅਨੁਪਾਤ ਵਿਚ ਸੁਧਾਰ ਕਰਨ ਦੇ ਉਦੇਸ਼ ਨੂੰ ਬਲ ਮਿਲੇਗਾ ਅਤੇ ਜਨਮ ਤੋਂ ਪਹਿਲਾਂ ਲਿੰਗ ਚੋਣ ਕੀਤੇ ਜਾਣ ਵਾਲੀ ਪ੍ਰਥਾ ਨੂੰ ਠੱਲ ਪਾਉਣ ਵਿਚ ਸਹਾਇਤਾ ਮਿਲੇਗੀ।