ਤਰਨਤਾਰਨ – ਵਿਧਾਨ ਸਭਾ ਹਲਕਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਸੋਹਲ ਸੈਣ ਭਗਤ ਵਿਖੇ ਅੱਜ ਸਵੇਰੇ ਪੰਚਾਇਤੀ ਚੋਣਾਂ ਸ਼ੁਰੂ ਹੋਣ ਤੋਂ ਕਰੀਬ ਅੱਧਾ ਘੰਟਾ ਬਾਅਦ ਦੋ ਧਿਰਾਂ ਵਿੱਚ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਦੋ ਵਿਅਕਤੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸੋਹਲ ਵਿਖੇ ਸਰਕਾਰੀ ਸਕੂਲ ਅੰਦਰ ਹੋ ਰਹੀ ਪੋਲਿੰਗ ਦਰਮਿਆਨ ਦੋ ਧਿਰਾਂ ‘ਚ ਲਾਈਨ ‘ਚ ਲੱਗਣ ਨੂੰ ਲੈ ਕੇ ਪਹਿਲਾਂ ਧੱਕਾ ਮੁੱਕੀ ਹੋਈ, ਜਿਸ ਤੋਂ ਬਾਅਦ ਸਰਕਾਰੀ ਸਕੂਲ ਦੇ ਗੇਟ ਬਾਹਰ ਦੋ ਧਿਰਾਂ ‘ਚ ਵੱਡੀ ਗਿਣਤੀ ਦੌਰਾਨ ਫਾਇਰਿੰਗ ਸ਼ੁਰੂ ਹੋ ਗਈ। ਜਿਸ ‘ਚ ਇੱਕ ਵਿਅਕਤੀ ਦੇ ਪੇਟ ਅਤੇ ਇਕ ਦੇ ਪੈਰ ‘ਚ ਗੋਲੀ ਲੱਗਣ ਕਾਰਨ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ।
ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ ਹਨ। ਜਿਸ ਤੋਂ ਬਾਅਦ ਬਾਅਦ ਡੀ. ਐੱਸ. ਪੀ. ਸਿਟੀ ਕਮਲਮੀਤ ਸਿੰਘ ਸਮੇਤ ਥਾਣਾ ਝਬਾਲ ਦੇ ਮੁਖੀ ਇੰਸਪੈਕਟਰ ਪਰਮਜੀਤ ਵਿਰਤੀ ਵੱਡੀ ਗਿਣਤੀ ਵਿੱਚ ਪੁਲਸ ਫੋਰਸ ਸਮੇਤ ਮੌਕੇ ‘ਤੇ ਪੁੱਜ ਗਏ ਅਤੇ ਉਨ੍ਹਾਂ ਵੱਲੋਂ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।