ਅੰਮ੍ਰਿਤਸਰ- ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਲੈ ਕੇ ਸੁਣਾਏ ਗਏ ਫੈਸਲੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਗੈਰ-ਸਿਧਾਂਤਕ ਅਤੇ ਗੈਰਵਾਜਬ ਆਖਦਿਆਂ ਰੱਦ ਕਰ ਦਿੱਤਾ ਗਿਆ ਹੈ। ਇਸ ਮਾਮਲੇ ‘ਚ ਅੱਜ ਅਕਾਲ ਤਖ਼ਤ ਦੇ ਪੰਜ ਪਿਆਰਿਆਂ ਜਿਨ੍ਹਾਂ ਵਿਚ ਭਾਈ ਕੁਲਵੰਤ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਰਸਪਾਲ ਸਿੰਘ ਅਤੇ ਭਾਈ ਸੰਦੀਪ ਸਿੰਘ ਸ਼ਾਮਿਲ ਹਨ, ਨੇ ਮੀਟਿੰਗ ਕਰਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕੀਤੇ ਗਏ ਫੈਸਲੇ ਨੂੰ ਪੰਥਕ ਏਕਤਾ ਨੂੰ ਢਾਹ ਲਾਉਣ ਵਾਲਾ ਅਤੇ ਸਿੱਖ ਕੌਮ ਦਾ ਅਕਸ ਖਰਾਬ ਕਰਨ ਵਾਲਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਫੈਸਲੇ ਨੂੰ ਗੈਰਸਿਧਾਂਤਕ ਦੱਸਦਿਆਂ ਰੱਦ ਕਰ ਦਿੱਤਾ ਹੈ।
ਪੰਜ ਪਿਆਰਿਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਲਈ ਸਰਬ ਉੱਚ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਫੈਸਲੇ ਕੌਮ ਨੂੰ ਪ੍ਰਵਾਨ ਹੋਏ ਹਨ ਪਰ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਦਾ ਫੈਸਲਾ ਪੰਥਕ ਏਕਤਾ ਨੂੰ ਢਾਹ ਲਾਉਣ ਵਾਲਾ ਹੈ, ਜਿਸ ਨਾਲ ਸਿੱਖਾਂ ਦੇ ਅਕਸ ਨੂੰ ਢਾਹ ਲੱਗੀ ਹੈ।